
ਸੰਗਰੂਰ, 19 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈ ਕੇ ਦੇਸ਼ ਵਿੱਚ ਡਰ ਅਤੇ ਬੇਚੈਨੀ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਛੁਪਾਉਣ ਲਈ ਇਸ ਸੰਕਟ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ।
ਸੰਗਰੂਰ ਦੇ ਪਿੰਡ ਸਤੌਜ ਵਿੱਚ ਹਾਈ-ਟੈਂਸ਼ਨ ਬਿਜਲੀ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਵਾਰ-ਵਾਰ ਪੈਟਰੋਲ, ਡੀਜ਼ਲ, ਗੈਸ ਅਤੇ ਹੋਰ ਖ਼ਰਚਿਆਂ ਵਿੱਚ ਸੰਜਮ ਵਰਤਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਦੁਨੀਆ ਦੇ ਕਿਸੇ ਹੋਰ ਪ੍ਰਭਾਵਿਤ ਦੇਸ਼ ਵਿੱਚ ਅਜਿਹੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਬਜਾਏ ਦੇਸ਼ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਲੀਡਰਸ਼ਿਪ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦੇ ਦਾਅਵੇ ਕਰਦੀ ਸੀ, ਉਸ ਨੇ ਹੁਣ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਦੇਸ਼ ਦੇ ਆਮ ਲੋਕਾਂ ਨੂੰ ਨਹੀਂ, ਸਗੋਂ ਕੁਝ ਗਿਣਤੀ ਦੇ ਉਦਯੋਗਪਤੀਆਂ ਨੂੰ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਤੰਜ਼ ਕਰਦਿਆਂ ਕਿਹਾ ਕਿ ਜੰਗ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਹੈ, ਪਰ ਇਸ ਦਾ ਸਭ ਤੋਂ ਵੱਧ ਪ੍ਰਭਾਵ ਭਾਰਤ ਵਿੱਚ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੋਰ ਗੁਆਂਢੀ ਦੇਸ਼ਾਂ ਵਿੱਚ ਇਸ ਤਰ੍ਹਾਂ ਦਾ ਡਰ ਜਾਂ ਹਫੜਾ-ਦਫੜੀ ਨਹੀਂ ਹੈ, ਜਿਵੇਂ ਕੇਂਦਰ ਸਰਕਾਰ ਭਾਰਤ ਵਿੱਚ ਪੈਦਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਦੇਸ਼ੀ ਅਤੇ ਆਰਥਿਕ ਦੋਵਾਂ ਮੋਰਚਿਆਂ ‘ਤੇ ਅਸਫਲ ਰਹੀ ਹੈ। ਦੇਸ਼ ਦੇ ਹਰ ਛੋਟੇ-ਵੱਡੇ ਫੈਸਲੇ ਲਈ ਕੇਂਦਰ ਸਰਕਾਰ ਅਮਰੀਕਾ ਵਿੱਚ ਬੈਠੇ ਆਪਣੇ ਮਿੱਤਰਾਂ ਦੀ ਮਨਜ਼ੂਰੀ ਦੀ ਉਡੀਕ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿੱਚ ਤੇਲ, ਐਲਪੀਜੀ ਜਾਂ ਹੋਰ ਜ਼ਰੂਰੀ ਵਸਤੂਆਂ ਦੀ ਕੋਈ ਘਾਟ ਹੈ ਤਾਂ ਲੋਕਾਂ ਨੂੰ ਸੱਚਾਈ ਦੱਸੀ ਜਾਵੇ, ਨਾ ਕਿ ਡਰ ਦਾ ਮਾਹੌਲ ਬਣਾਇਆ ਜਾਵੇ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦੇ ਵਿਦੇਸ਼ ਦੌਰਿਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਦੌਰਾਨ ਕੀਤੇ ਗਏ ਵਿਦੇਸ਼ੀ ਦੌਰਿਆਂ ਤੋਂ ਦੇਸ਼ ਨੂੰ ਕੀ ਲਾਭ ਹੋਇਆ, ਇਸ ਬਾਰੇ ਕਦੇ ਵੀ ਸੰਸਦ ਜਾਂ ਲੋਕਾਂ ਨੂੰ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਨਾਲ ਲੈ ਕੇ ਵਿਦੇਸ਼ ਜਾਂਦੇ ਹਨ ਅਤੇ ਉਨ੍ਹਾਂ ਲਈ ਨਿਵੇਸ਼ ਦੇ ਰਸਤੇ ਖੋਲ੍ਹਦੇ ਹਨ, ਜਿਸ ਕਾਰਨ ਕੁਝ ਚੁਣਿੰਦੇ ਉਦਯੋਗਪਤੀ ਹੋਰ ਅਮੀਰ ਹੋ ਰਹੇ ਹਨ ਜਦਕਿ ਆਮ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੋਰ ਵਧਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਆਰਥਿਕ ਅਤੇ ਸਮਾਜਿਕ ਦਬਾਅ ਹੇਠ ਆ ਰਿਹਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH