

ਚੰਡੀਗੜ੍ਹ, 19 ਮਈ (ਹਿੰ.ਸ.)| ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਸੋਮਵਾਰ ਦੇਰ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਤੋਂ ਬਾਅਦ ਓਪਰੇਸ਼ਨ ਸੈੱਲ ਦੀ ਟੀਮ ਨੇ ਕਪੂਰਥਲਾ ਨਾਲ ਸੰਬੰਧਿਤ ਗੋਪੀ ਨਿੱਜਰ ਹੱਤਿਆਕਾਂਡ ਵਿੱਚ ਫਰਾਰ ਚੱਲ ਰਹੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਠਭੇੜ ਦੌਰਾਨ ਮੁਲਜ਼ਮਾਂ ਵੱਲੋਂ ਪੁਲਿਸ ਟੀਮ ‘ਤੇ ਲਗਾਤਾਰ 5 ਰਾਊਂਡ ਫਾਇਰਿੰਗ ਕੀਤੀ ਗਈ। ਇਸ ਦੌਰਾਨ ਏਐਸਆਈ ਕੇਸ਼ਵ ਦਹੀਆ ਦੀ ਬੁਲੇਟਪ੍ਰੂਫ ਜੈਕਟ ‘ਤੇ ਇੱਕ ਗੋਲੀ ਲੱਗੀ, ਜਿਸ ਨਾਲ ਉਹਨਾਂ ਦੀ ਜਾਨ ਬਚ ਗਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ 2 ਰਾਊਂਡ ਫਾਇਰ ਕੀਤੇ।
ਪੁਲਿਸ ਮੁਤਾਬਕ ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਅਜੈ ਕੁਮਾਰ ਉਰਫ਼ ਜੋਬਨ ਅਤੇ ਪ੍ਰਭਜੋਤ ਵਜੋਂ ਹੋਈ ਹੈ। ਉਨ੍ਹਾਂ ਦੇ ਕਬਜ਼ੇ ਤੋਂ ਇੱਕ ਜਿਗਾਨਾ ਪਿਸਤੌਲ, ਇੱਕ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਬਰਾਮਦ ਕੀਤੀ ਗਈ ਹੈ।
ਚੰਡੀਗੜ੍ਹ ਦੇ ਡੀਐਸਪੀ ਧੀਰਜ ਕੁਮਾਰ ਨੇ ਦੱਸਿਆ ਕਿ ਓਪਰੇਸ਼ਨ ਸੈੱਲ ਦੇ ਇੰਸਪੈਕਟਰ ਸਤਵਿੰਦਰ ਅਤੇ ਉਨ੍ਹਾਂ ਦੀ ਟੀਮ ਨੂੰ ਪਹਿਲਾਂ ਹੀ ਇਨਪੁੱਟ ਮਿਲੀ ਸੀ ਕਿ ਸੈਕਟਰ-43 ਬੱਸ ਅੱਡੇ ਦੇ ਪਿੱਛੇ ਕੁਝ ਸ਼ੱਕੀ ਗਤੀਵਿਧੀਆਂ ਹੋ ਰਹੀਆਂ ਹਨ। ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਜਾਲ ਵਿਛਾਇਆ ਗਿਆ ਅਤੇ ਤਿੰਨ ਸੰਦੇਹੀ ਵਿਅਕਤੀਆਂ ਨੂੰ ਨੋਟਿਸ ਕੀਤਾ ਗਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਤੁਰੰਤ ਫਾਇਰਿੰਗ ਸ਼ੁਰੂ ਕਰ ਦਿੱਤੀ। ਕੁੱਲ ਪੰਜ ਰਾਊਂਡ ਫਾਇਰਿੰਗ ਹੋਈ, ਜਿਸ ਵਿੱਚ ਤਿੰਨ ਗੋਲੀਆਂ ਦੋਸ਼ੀਆਂ ਵੱਲੋਂ ਚਲਾਈਆਂ ਗਈਆਂ ਜਦਕਿ ਪੁਲਿਸ ਵੱਲੋਂ ਦੋ ਰਾਊਂਡ ਜਵਾਬੀ ਕਾਰਵਾਈ ਕੀਤੀ ਗਈ।
ਡੀਐਸਪੀ ਮੁਤਾਬਕ ਓਪਰੇਸ਼ਨ ਸੈੱਲ ਦੀ ਟੀਮ ਨੇ ਤਿੰਨਾਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਹਾਲਾਂਕਿ ਇਹ ਦੋਸ਼ੀ ਕਿਸ ਗੈਂਗ ਨਾਲ ਜੁੜੇ ਹੋਏ ਹਨ, ਇਸ ਬਾਰੇ ਹਾਲੇ ਜਾਂਚ ਜਾਰੀ ਹੈ।
ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਭਾਰੀ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਨੇ ਘਟਨਾ ਸਥਾਨ ਤੋਂ ਹਥਿਆਰ ਅਤੇ ਹੋਰ ਅਹਿਮ ਸਬੂਤ ਇਕੱਠੇ ਕੀਤੇ ਹਨ। ਨਾਲ ਹੀ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਗ੍ਰਿਫਤਾਰ ਮੁਲਜ਼ਮ ਕਾਫੀ ਸਮੇਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਸਨ ਅਤੇ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦੇ ਸਨ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਗੈਂਗ ਦੇ ਨੈੱਟਵਰਕ ਅਤੇ ਸੰਭਾਵਿਤ ਵਾਰਦਾਤਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH