
ਅੰਮ੍ਰਿਤਸਰ, 19 ਮਈ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਇੱਕ ਡੀਐਸਪੀ ਵੱਲੋਂ ਕੀਤੇ ਗਏ ਦੁਰਵਿਵਹਾਰ ਦੀ ਕੜੀ ਨਿੰਦਾ ਕੀਤੀ ਹੈ। ਬਾਦਲ ਨੇ ਕਿਹਾ ਕਿ ਵਿਧਾਇਕਾ ਗਨੀਵ ਕੌਰ ਮਜੀਠੀਆ ਆਪਣੇ ਹਲਕੇ ਵਿੱਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਮੌਕੇ ‘ਤੇ ਮੌਜੂਦ ਸਨ, ਪਰ ਡਿਊਟੀ ‘ਤੇ ਤਾਇਨਾਤ ਪੁਲਿਸ ਅਧਿਕਾਰੀ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।
ਉਨ੍ਹਾਂ ਸਬੰਧਿਤ ਡੀਐਸਪੀ ਅਤੇ ਹੋਰ ਪੁਲਿਸ ਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਬਾਦਲ ਨੇ ਕਿਹਾ ਕਿ ਇਹ ਲੋਕਤੰਤਰ ਦੀ ਉਲੰਘਣਾ ਹੈ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ।
ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ ਇਹ ਸਾਰੀ ਕਾਰਵਾਈ ਉਨ੍ਹਾਂ ਦੀ ਨਿਗਰਾਨੀ ਹੇਠ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਚੁਣੀ ਹੋਈ ਮਹਿਲਾ ਵਿਧਾਇਕ ਨਾਲ ਅਜਿਹਾ ਵਿਵਹਾਰ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਲਈ ਸਰਕਾਰ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਦੋਸ਼ੀ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਇਸ ਮਾਮਲੇ ਵਿੱਚ ਸਖ਼ਤ ਕਦਮ ਨਹੀਂ ਚੁੱਕਦਾ ਤਾਂ ਇਹ ਮੰਨਿਆ ਜਾਵੇਗਾ ਕਿ ਕਮਿਸ਼ਨ ਖੁਦ ਵੀ ਇਸ ਧੱਕੇਸ਼ਾਹੀ ਅਤੇ ਅਪਮਾਨਜਨਕ ਕਾਰਵਾਈ ਵਿੱਚ ਸ਼ਾਮਲ ਹੈ। ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਲੋਕਤੰਤਰਕ ਸੰਸਥਾਵਾਂ ‘ਤੇ ਲੋਕਾਂ ਦਾ ਭਰੋਸਾ ਕਮਜ਼ੋਰ ਹੁੰਦਾ ਹੈ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਵੀ ਸਵਾਲ ਖੜ੍ਹੇ ਹੁੰਦੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH