ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀ.ਓ.ਪੀ. ਤੋਤਾ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਅੰਮ੍ਰਿਤਸਰ, 19 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਲਈ ਲਗਭਗ 600 ਕਰੋੜ ਰੁਪਏ ਖਰ
ਦੌਰਾ ਕਰਦੇ ਹੋਏ ਜਲ ਸਰੋਤ ਮੰਤਰੀ ਬਰਿੰਦਰ ਗੋਇਲ।


ਅੰਮ੍ਰਿਤਸਰ, 19 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਲਈ ਲਗਭਗ 600 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਮੰਤਰੀ ਨੇ ਬੀ.ਓ.ਪੀ. ਤੋਤਾ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਇਥੇ ਕਾਫ਼ੀ ਨੁਕਸਾਨ ਹੋਇਆ ਸੀ। ਇਸ ਨੁਕਸਾਨ ਦੀ ਭਰਪਾਈ ਲਈ ਜਲ ਸਰੋਤ ਵਿਭਾਗ ਵੱਲੋਂ 5.5 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀ ਦੇ ਕੰਮ ਜਾਰੀ ਹਨ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਦੇ ਬੰਨ੍ਹਾਂ ‘ਤੇ ਪਿਛਲੇ ਸਾਲ ਪਏ 23 ਪਾੜਾਂ ਨੂੰ ਭਰ ਕੇ ਪੱਥਰਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਡੀ-ਸਿਲਟਿੰਗ ਦਾ ਕੰਮ ਵੀ ਜ਼ੋਰਾਂ ‘ਤੇ ਚੱਲ ਰਿਹਾ ਹੈ।

ਇਸ ਮੌਕੇ ਮੰਤਰੀ ਨੇ ਪਿੰਡ ਚੱਬਾ ਨੇੜੇ ਝਬਾਲ ਨਹਿਰ ਦੇ ਰੀ-ਲਾਈਨਿੰਗ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ। 18 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਇਸ ਪ੍ਰੋਜੈਕਟ ਨਾਲ ਨਹਿਰ ਦੀ ਸਮਰੱਥਾ ਵਿੱਚ ਵੱਡਾ ਵਾਧਾ ਹੋਵੇਗਾ। ਪਹਿਲਾਂ 150 ਕਿਊਸਿਕ ਪਾਣੀ ਲਿਜਾਣ ਵਾਲੀ ਇਹ ਨਹਿਰ ਹੁਣ 258 ਕਿਊਸਿਕ ਤੱਕ ਪਾਣੀ ਪਹੁੰਚਾਏਗੀ। ਨਹਿਰ ਦੀ ਲੰਬਾਈ 27 ਕਿਲੋਮੀਟਰ ਹੈ ਅਤੇ ਚੌੜਾਈ 24 ਫੁੱਟ ਤੱਕ ਵਧਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪਹਿਲਾਂ ਜਿੱਥੇ ਕੇਵਲ 5 ਹਜ਼ਾਰ ਏਕੜ ਖੇਤਾਂ ਨੂੰ ਪਾਣੀ ਮਿਲਦਾ ਸੀ, ਹੁਣ ਕਰੀਬ 31 ਹਜ਼ਾਰ ਏਕੜ ਜ਼ਮੀਨ ਨੂੰ ਪਾਣੀ ਮਿਲੇਗਾ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੰਭਾਲਣ ਵਿੱਚ ਵੀ ਮਦਦ ਮਿਲੇਗੀ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਹੁਣ 82 ਫੀਸਦੀ ਤੱਕ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਵਿੱਚ ਕਾਮਯਾਬੀ ਮਿਲੀ ਹੈ, ਜੋ ਪਹਿਲਾਂ ਸਿਰਫ਼ 26 ਫੀਸਦੀ ਸੀ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਤੋਂ ਬਾਅਦ 135 ਨਾਜ਼ੁਕ ਥਾਵਾਂ ਦੀ ਪਹਿਚਾਣ ਕੀਤੀ ਗਈ ਸੀ, ਜਿੱਥੇ ਹੜ੍ਹ ਰੋਕੂ ਕੰਮ ਜਾਰੀ ਹਨ ਅਤੇ ਇਹ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ।

ਮੰਤਰੀ ਨੇ ਕਿਹਾ ਕਿ ਹੜ੍ਹ ਰੋਕਥਾਮ ਲਈ ਫਿਨਲੈਂਡ ਤੋਂ ਆਧੁਨਿਕ ਐਂਫੀਬੀਅਸ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ, ਜੋ ਪਾਣੀ ਅਤੇ ਧਰਤੀ ਦੋਵੇਂ ਥਾਵਾਂ ‘ਤੇ ਕੰਮ ਕਰ ਸਕਦੀਆਂ ਹਨ। ਇਹ ਮਸ਼ੀਨਾਂ ਡੂੰਘੀ ਸਫਾਈ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਬਹੁਤ ਲਾਭਦਾਇਕ ਸਾਬਤ ਹੋਣਗੀਆਂ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande