
ਅੰਮ੍ਰਿਤਸਰ, 02 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਯੋਗ ਪਰਿਵਾਰਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਕਾਰਡ ਬਣਵਾਉਣ ਲਈ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਯੋਜਨਾ ਸੂਬੇ ਦੇ ਲੋੜਵੰਦ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮਕਸਦ ਉਨ੍ਹਾਂ ਨੂੰ ਮਿਆਰੀ ਅਤੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਡ ਬਣਾਉਣ ਲਈ ਸਾਰੇ ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਦਫ਼ਤਰਾਂ ਅਤੇ ਸਿਵਲ ਹਸਪਤਾਲਾਂ ਵਿੱਚ ਖਾਸ ਸਟਾਫ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਵਿਅਕਤੀ ਇਨ੍ਹਾਂ ਦਫ਼ਤਰਾਂ ਵਿੱਚ ਕਿਸੇ ਵੀ ਕੰਮ ਲਈ ਆਉਂਦੇ ਹਨ, ਉਹ ਮੌਕੇ ‘ਤੇ ਆਪਣਾ ਸਵੈ-ਘੋਸ਼ਣਾ ਪੱਤਰ ਭਰ ਕੇ ਇਸ ਯੋਜਨਾ ਦਾ ਕਾਰਡ ਜ਼ਰੂਰ ਬਣਵਾਉਣ।
ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 57 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕ ਆਸਾਨੀ ਨਾਲ ਕਾਰਡ ਬਣਵਾ ਸਕਦੇ ਹਨ। ਇਸ ਲਈ ਪਰਿਵਾਰ ਦੇ ਦੋ ਮੈਂਬਰਾਂ ਨੂੰ ਆਪਣੇ ਆਧਾਰ ਕਾਰਡ, ਵੋਟਰ ਕਾਰਡ ਅਤੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਨਾਲ ਹਾਜ਼ਰ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਇਹ ਕਾਰਡ ਸ਼ਹਿਰ ਦੇ ਵੱਖ-ਵੱਖ ਸੀ.ਐਸ.ਸੀ ਸੈਂਟਰਾਂ ‘ਤੇ ਵੀ ਬਣਵਾਏ ਜਾ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆਉਣ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH