
ਅੰਮ੍ਰਿਤਸਰ, 20 ਮਈ (ਹਿੰ.ਸ.)। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵਾਤਾਵਰਣ ਹਰਿਆਵਲੀ ਨੂੰ ਹੋਰ ਵਧਾਉਣ ਲਈ ਸਾਢੇ ਛੇ ਲੱਖ ਬੂਟੇ ਲਗਾਉਣ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੀ ਅਗਵਾਈ ਕਰਦਿਆਂ ਇਸ ਮੁਹਿੰਮ ਦੀ ਰੂਪਰੇਖਾ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਸੇਵਾ ਅਤੇ ਕੁਦਰਤ ਨਾਲ ਪਿਆਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਵਿਸ਼ਾਲ ਪੱਧਰ ‘ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰੀ ਖੇਤਰਾਂ, ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ।
ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਹਰ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਬੂਟੇ ਲਗਾਉਣ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਅਤੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਇਹ ਮੁਹਿੰਮ ਸਿਰਫ਼ ਰਸਮੀ ਕਾਰਵਾਈ ਨਾ ਰਹੇ, ਸਗੋਂ ਵਾਤਾਵਰਣ ਸੁਧਾਰ ਵਿੱਚ ਅਸਲ ਯੋਗਦਾਨ ਪਾਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਸਕੂਲੀ ਵਿਦਿਆਰਥੀਆਂ, ਸਮਾਜਿਕ ਸੰਸਥਾਵਾਂ, ਪੰਚਾਇਤਾਂ, ਐਨ.ਜੀ.ਓਜ਼ ਅਤੇ ਆਮ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਬੂਟਾ ਲਗਾ ਕੇ ਅਤੇ ਉਸ ਦੀ ਸੰਭਾਲ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਭੇਟ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਨਾ ਸਿਰਫ਼ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਵੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵੱਲ ਇਕ ਵੱਡਾ ਕਦਮ ਸਾਬਤ ਹੋਵੇਗੀ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਪੇਡੂ ਵਿਕਾਸ ਪਰਮਜੀਤ ਕੌਰ, ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਅਸੀਸਇੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਜਤਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੰਦੀਪ ਧਵਨ, ਏ.ਪੀ.ਓ ਨਰੇਗਾ ਕਰਮਜੀਤ ਸਿੰਘ, ਕਰਨਲ ਵੀ.ਕੇ ਸਿੰਘ, ਨੋਡਲ ਇੰਚਾਰਜ਼ ਧਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ ਤੀਰਥਪਾਲ ਸਿੰਘ, ਰੋਜ਼ਗਾਰ ਅਫਸਰ ਮੁਕੇਸ਼ ਸਾਰੰਗਲ, ਪ੍ਰਿੰਸੀਪਲ ਸਰਕਾਰੀ ਕਾਲਜ ਅਜਨਾਲਾ ਪਰਮਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ