
ਮੋਹਾਲੀ, 20 ਮਈ (ਹਿੰ.ਸ.)| ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂ ਭਰਾਵਾਂ ਨੇ ਪਿਛਲੇ 15 ਸਾਲਾਂ ਦੌਰਾਨ ਮੋਹਾਲੀ ਦੇ ਲੋਕਾਂ ਨੂੰ ਗੁਮਰਾਹ ਕੀਤਾ ਅਤੇ ਸ਼ਹਿਰ ਨੂੰ ਵਿਕਾਸ ਦੀ ਬਜਾਏ ਕੂੜੇ ਦੇ ਢੇਰਾਂ ’ਤੇ ਬਿਠਾ ਦਿੱਤਾ।
ਉਹ ਵਾਰਡ ਨੰਬਰ-5, ਫੇਜ਼-2 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਰਵਿੰਦਰ ਕੌਰ ਦੇ ਹੱਕ ਵਿੱਚ ਕਰਵਾਈ ਗਈ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਅਰਵਿੰਦਰ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 50 ਦੇ 50 ਉਮੀਦਵਾਰ ਵੱਡੇ ਅੰਤਰ ਨਾਲ ਜਿੱਤ ਦਰਜ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 26 ਮਈ ਨੂੰ ਮੋਹਾਲੀ ਦੇ ਲੋਕ ਆਪਣੀ ਕੀਮਤੀ ਵੋਟ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪਾਉਣ ਲਈ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਪਿਛਲੇ 15 ਸਾਲਾਂ ਦੌਰਾਨ ਕਾਂਗਰਸ ਨੂੰ ਪੂਰਾ ਮਾਣ-ਸਤਿਕਾਰ ਦਿੱਤਾ, ਪਰ ਸਿੱਧੂ ਭਰਾਵਾਂ ਨੇ ਹਮੇਸ਼ਾ ਨਿੱਜੀ ਸਿਆਸਤ ਨੂੰ ਤਰਜੀਹ ਦਿੱਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਨਗਰ ਨਿਗਮ ਚੋਣਾਂ ਦੌਰਾਨ ਵੀ ਧੱਕੇਸ਼ਾਹੀ ਨਾਲ ਆਪਣੇ ਉਮੀਦਵਾਰ ਜਿਤਵਾਏ ਗਏ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਸਰਕਾਰ ਵੱਲੋਂ ਵੱਡੇ ਕੰਮ ਕੀਤੇ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ।
ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਵਿਨੀਤ ਵਰਮਾ, ਅਵਤਾਰ ਸਿੰਘ ਵਾਲੀਆ, ਐਡਵੋਕੇਟ ਸੀ. ਐਲ. ਪਵਾਰ, ਪੀ. ਐਸ. ਸੰਧੂ, ਕਰਨਲ ਰਵਿੰਦਰ ਜੀ, ਚਿਰੰਜੀ ਲਾਲ, ਗੁਰਮੀਤ ਸਿੰਘ, ਬਹਾਦਰ ਸਿੰਘ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ ਸਿੱਧੂ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਅਕਬਿੰਦਰ ਸਿੰਘ ਗੋਸਲ ਅਤੇ ਆਰ. ਪੀ. ਸ਼ਰਮਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH