
ਮੋਹਾਲੀ, 20 ਮਈ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸੁਹਾੜਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ ਟ੍ਰੈਫਿਕ ਕਰਨੈਲ ਸਿੰਘ ਵੱਲੋਂ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਣ ਜਾਂ ਨਸ਼ਾ ਕਰਨ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਨੂੰ ਦਿੱਤੀ ਜਾਵੇ।
ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ਾ ਸਮਾਜ ਅਤੇ ਪਰਿਵਾਰਾਂ ਲਈ ਬਰਬਾਦੀ ਦਾ ਕਾਰਨ ਬਣਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ।
ਸੈਮੀਨਾਰ ਦੌਰਾਨ “ਗੁੱਡ ਸਮੈਰੀਟਨ ਸਕੀਮ” ਅਤੇ “ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਨ ਵਾਲੇ ਨੂੰ ਸਰਕਾਰ ਵੱਲੋਂ 2000 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ।
ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਢਿੱਲੋਂ, ਵਾਇਸ ਚੇਅਰਮੈਨ ਨਿਰਮਲ ਸਿੰਘ ਅਤੇ ਸਕੂਲ ਦਾ ਸਟਾਫ ਵੀ ਮੌਜੂਦ ਰਿਹਾ।
ਹਿੰਦੂਸਥਾਨ ਸਮਾਚਾਰ / GURSHARAN SINGH