
ਹੁਸ਼ਿਆਰਪੁਰ, 21 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਭਰ ਵਿੱਚ ਡੇਂਗੂ ਰੋਕਥਾਮ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਂਗੂ ਜਾਗਰੂਕਤਾ ਵਲੰਟੀਅਰਾਂ ਵੱਲੋਂ ਹੁਸ਼ਿਆਰਪੁਰ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ, ਸਫ਼ਾਈ ਬਣਾਈ ਰੱਖਣ ਅਤੇ ਮੱਛਰ ਪੈਦਾ ਹੋਣ ਵਾਲੀਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸਰਵੇ ਦੌਰਾਨ ਵਲੰਟੀਅਰ ਘਰਾਂ ਵਿੱਚ ਪਾਣੀ ਦੀਆਂ ਟੈਂਕੀਆਂ, ਕੂਲਰਾਂ, ਫ੍ਰਿਜ ਦੀ ਪਿੱਛਲੀ ਟਰੇਅ, ਫੁੱਲਾਂ ਦੇ ਗਮਲੇ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕਰ ਰਹੇ ਹਨ, ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਰਹਿੰਦੀ ਹੈ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋ ਸਕਦੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਦਿਨ ‘ਡਰਾਈ ਡੇਅ’ ਮਨਾਉਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਆਸ-ਪਾਸ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸਾਵਧਾਨੀ ਹੀ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹਨ ਅਤੇ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ