ਆਜ਼ਾਦ ਉਮੀਦਵਾਰ ਅਮਰਿੰਦਰ ਸਿੰਘ ਆਪ ’ਚ ਸ਼ਾਮਲ, ਸਰਬਜੀਤ ਸਿੰਘ ਸਮਾਣਾ ਦੀ ਚੋਣ ਮੁਹਿੰਮ ਨੂੰ ਮਿਲਿਆ ਹੁਲਾਰਾ
ਚੰਡੀਗੜ੍ਹ, 21 ਮਈ (ਹਿੰ.ਸ.)| ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ, ਯੂਥ ਆਗੂ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਵਾਰਡ ਨੰਬਰ 42 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦ
ਪਾਰਟੀ ’ਚ ਸ਼ਾਮਲ ਕਰਦੇ ਹੋਏ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ।


ਚੰਡੀਗੜ੍ਹ, 21 ਮਈ (ਹਿੰ.ਸ.)| ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ, ਯੂਥ ਆਗੂ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਵਾਰਡ ਨੰਬਰ 42 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਹੁਣ ਸਰਬਜੀਤ ਸਿੰਘ ਸਮਾਣਾ ਦੀ ਚੋਣ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਘਰ-ਘਰ ਜਾ ਕੇ ਲੋਕਾਂ ਤੋਂ ਵੋਟਾਂ ਮੰਗਣਗੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਕੁਲਵੰਤ ਸਿੰਘ ਨੇ ਕਿਹਾ ਕਿ ਸਰਬਜੀਤ ਸਿੰਘ ਸਮਾਣਾ ਤੀਜੀ ਵਾਰ ਕੌਂਸਲਰ ਦੀ ਚੋਣ ਲੜ ਰਹੇ ਹਨ ਅਤੇ ਪਹਿਲਾਂ ਵੀ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਮਰਿੰਦਰ ਸਿੰਘ ਵਰਗੇ ਨੌਜਵਾਨ ਆਗੂ ਦੇ ਟੀਮ ਨਾਲ ਜੁੜਨ ਨਾਲ ਸਰਬਜੀਤ ਸਿੰਘ ਸਮਾਣਾ ਦੀ ਜਿੱਤ ਹੋਰ ਵੀ ਮਜ਼ਬੂਤ ਹੋ ਗਈ ਹੈ ਅਤੇ ਉਹ ਵੱਡੇ ਫਰਕ ਨਾਲ ਚੋਣ ਜਿੱਤਣਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਨੂੰ ਨਗਰ ਕਮੇਟੀ ਅਤੇ ਬਾਅਦ ਵਿੱਚ ਕਾਰਪੋਰੇਸ਼ਨ ਬਣੇ 25 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਇਸ ਤੋਂ ਪਹਿਲਾਂ ਲੋਕਾਂ ਨੂੰ ਇੰਨੀ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਕਾਰਜਕਾਲ ਦੌਰਾਨ ਲੋਕਾਂ ਨੂੰ ਸੀਵਰੇਜ ਜਾਮ, ਕੂੜੇ ਦੇ ਢੇਰ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕੂੜਾ ਨਿਪਟਾਰੇ ਲਈ ਵਿਕਲਪਿਕ ਪ੍ਰਬੰਧ ਵੀ ਕੀਤੇ ਗਏ ਸਨ, ਪਰ ਪਿਛਲੇ ਪ੍ਰਬੰਧਕਾਂ ਕੋਲ ਨਾ ਤਾਂ ਕੰਮ ਦੀ ਸਮਝ ਸੀ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਇੱਛਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇੱਕ ਹਾਕਰ ਨੂੰ ਵੀ ਟਿਕਟ ਦਿੱਤੀ ਹੈ, ਜੋ ਹਰ ਸਮੇਂ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲੋਕ ਸੇਵਾ ਨੂੰ ਤਰਜੀਹ ਦਿੰਦਿਆਂ ਅਜਿਹੇ ਸਮਰਪਿਤ ਵਿਅਕਤੀਆਂ ਨੂੰ ਮੌਕਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਕਿਸੇ ਦਾ ਅਮੀਰ ਜਾਂ ਗਰੀਬ ਹੋਣਾ ਮਾਇਨੇ ਨਹੀਂ ਰੱਖਦਾ, ਸਗੋਂ ਲੋਕ ਸੇਵਾ ਸਭ ਤੋਂ ਵੱਡੀ ਗੱਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਅਮੀਰ ਘਰਾਣਿਆਂ ਨਾਲ ਸਬੰਧਤ ਉਮੀਦਵਾਰ ਸਿਰਫ਼ ਚੋਣਾਂ ਦੌਰਾਨ ਹੀ ਲੋਕਾਂ ਵਿੱਚ ਨਜ਼ਰ ਆਉਂਦੇ ਹਨ ਅਤੇ ਬਾਅਦ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਤੋਂ ਦੂਰ ਹੋ ਜਾਂਦੇ ਹਨ। ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਹੌਲੀ-ਹੌਲੀ ਸਾਰੇ ਆਜ਼ਾਦ ਉਮੀਦਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਨਿਗਮ ਚੋਣਾਂ ਵਿੱਚ ਕੋਈ ਵੀ ਮਜ਼ਬੂਤ ਆਜ਼ਾਦ ਉਮੀਦਵਾਰ ਨਹੀਂ ਰਹੇਗਾ। ਇਸ ਮੌਕੇ ਵਾਰਡ ਨੰਬਰ 42 ਤੋਂ ਉਮੀਦਵਾਰ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande