
ਲੁਧਿਆਣਾ, 21 ਮਈ (ਹਿੰ.ਸ.)| ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਵੀਰਵਾਰ ਨੂੰ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿੰਨਾਂ ਵਿਚਕਾਰ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਬਾਰੇ ਗੰਭੀਰ ਵਿਚਾਰ-ਚਰਚਾ ਹੋਈ।
ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ, ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵੱਲੋਂ ਸ਼ਾਮਲ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਧਾਰਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਜਥੇਦਾਰ ਗੜਗੱਜ ਨੇ ਇਸ ਸਬੰਧੀ ਇੱਕ ਵਿਸ਼ੇਸ਼ ਪੱਤਰ ਵੀ ਰਾਜਪਾਲ ਨੂੰ ਸੌਂਪਿਆ, ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਅਧਿਕਾਰਤ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਸੀ। ਇਹ ਮੀਟਿੰਗ ਲਗਭਗ 20 ਮਿੰਟ ਤੱਕ ਚੱਲੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਾਰੇ ਪੱਖਾਂ ਨਾਲ ਗੱਲਬਾਤ ਕਰਕੇ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।
ਹਿੰਦੂਸਥਾਨ ਸਮਾਚਾਰ / GURSHARAN SINGH