
ਹੁਸ਼ਿਆਰਪੁਰ, 21 ਮਈ (ਹਿੰ.ਸ.)। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ੍ਰੀ ਗੁਰੂ ਰਵਿਦਾਸ ਨਗਰ ਆਦਮਵਾਲ ਵਿੱਚ ਨਵੇਂ ਟਿਊਬਵੈੱਲ ਲਗਾਉਣ ਦੇ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਇਕਸਾਰ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਜਿੱਥੇ ਵੀ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੀ ਲੋੜ ਹੈ, ਉੱਥੇ ਤਰਜੀਹ ਦੇ ਆਧਾਰ ‘ਤੇ ਕੰਮ ਕੀਤੇ ਜਾ ਰਹੇ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਟਿਊਬਵੈੱਲ ਲਗਾਉਣ ਦੇ ਇਸ ਮਹੱਤਵਪੂਰਨ ਕਾਰਜ ਲਈ ਪਿੰਡ ਦੇ ਬਲਕਾਰ ਸਿੰਘ, ਨਿਰਮਲਾ ਦੇਵੀ, ਅਮਨਦੀਪ ਸਿੰਘ ਅਤੇ ਦੇਸਰਾਜ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਦਮਵਾਲ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਸਾਫ਼ ਪੀਣਯੋਗ ਪਾਣੀ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਦੇ ਚੱਲਣ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਇਸ ਦਾ ਲਾਭ ਮਿਲ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਵੀ ਪੰਜਾਬ ਸਰਕਾਰ ਗੰਭੀਰ ਹੈ ਅਤੇ ਇਸ ਦਾ ਸਥਾਈ ਹੱਲ ਕੱਢਣ ਲਈ ਜਲਦੀ ਲੋੜੀਂਦੇ ਕਦਮ ਚੁੱਕੇ ਜਾਣਗੇ। ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਸੁਨੀਲ ਕੁਮਾਰ, ਮਨੀਸ਼, ਜੀਵਨ, ਕਮੇਟੀ ਮੈਂਬਰ ਰਘੁਵੀਰ ਕੌਰ, ਬਖ਼ਤਾਵਰ, ਰਾਜਨ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ