
ਮੋਹਾਲੀ, 21 ਮਈ (ਹਿੰ.ਸ.)| ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਡਾ. ਅਰੁਣ ਬਾਂਸਲ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਅੱਜਕਲ੍ਹ ਲੂੰ ਦਾ ਮੌਸਮ ਚੱਲ ਰਿਹਾ ਹੈ, ਜਿਸ ਦੌਰਾਨ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ।
ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਦਿਨ ਵੇਲੇ ਘਰਾਂ ਦੀਆਂ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੇ ਜਾਣ ਅਤੇ ਬਾਹਰ ਨਿਕਲਣ ਸਮੇਂ ਸਿਰ ਢੱਕਿਆ ਜਾਵੇ ਤੇ ਐਨਕ ਲਾਈ ਜਾਵੇ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ। ਇਸ ਮੌਕੇ ਡਾ. ਤਪਿੰਦਰ ਸਿੰਘ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH