
ਤਰਨ ਤਾਰਨ, 21 ਮਈ (ਹਿੰ.ਸ.)। ਡਿਪਟੀ ਕਮਿਸਨਰ ਤਰਨ ਤਾਰਨ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਣਕ ਦੇ ਨਾੜ ਨੂੰ ਨਾ ਸਾੜਨ ਅਤੇ ਝੋਨੇ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਸੀ।
ਫਾਰਮ ਸਲਾਹਕਾਰ ਕੇਂਦਰ ਤੋਂ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਝੋਨੇ ਅਤੇ ਬਾਸਮਤੀ ਵਿੱਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ।
ਸੁਖਵਿੰਦਰ ਸਿੰਘ ਏ.ਈ.ਓ. ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਫਾਰਮਰ ਐਡਵਾਈਜਰੀ ਕੈਂਪ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਨਦੀਪ ਸਿੰਘ ਪੰਨੂ ਏ.ਈ.ਓ. ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ। ਬਲਜਿੰਦਰ ਸਿੰਘ ਬਾਠ ਏ.ਈ.ਓ ਨੇ ਕਿਸਾਨਾਂ ਨੂੰ ਮਿੱਟੀ ਪਰਖ ਬਾਰੇ ਸੰਖੇਪ ਜਾਣਕਾਰੀ ਦਿੱਤੀ।ਸਟੇਜ ਸੈਕਟਰੀ ਦੀ ਭੂਮਿਕਾ ਸੁਖਵਿੰਦਰ ਸਿੰਘ ਏ.ਈ.ਓ. ਨੇ ਨਿਭਾਈ।
ਅੰਤ ਵਿੱਚ ਮਲਵਿੰਦਰ ਸਿੰਘ ਬਲਾਕ ਅਫ਼ਸਰ ਨੇ ਕਿਸਾਨਾਂ ਨੂੰ ਨਾੜ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਤੋ ਅਜੇਪਾਲ ਸਿੰਘ ਏ.ਟੀ.ਐਮ, ਸੁਖਮਨ ਸਿੰਘ ਫੀਲਡ ਵਰਕਰ ਅਤੇ ਪਿੰਡ ਲਾਲਪੁਰ ਤੇ ਹੋਰ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ