ਪੰਜਾਬ ਵਿੱਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਹਾਕੀ ਚੈਂਪੀਅਨਜ਼, ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਮਿਲਣਾ ਸੂਬੇ ਲਈ ਮਾਣ ਵਾਲੀ ਗੱਲ : ਮੁੱਖ ਮੰਤਰੀ ਮਾਨ ਚੰਡੀਗੜ੍ਹ, 22 ਮਈ (ਹਿੰ.ਸ.)| ਪੰਜਾਬ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਸ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਨੂੰ ਲੈ ਕੇ ਪੰਜਾਬ
ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤੋਫਾ ਭੇਂਟ ਕਰਦੇ ਹੋਏ ਇੰਡੀਅਨ ਹਾਕੀ ਫੈਡਰੇਸ਼ਨ ਦੇ ਅਹੁਦੇਦਾਰ।


ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਮਿਲਣਾ ਸੂਬੇ ਲਈ ਮਾਣ ਵਾਲੀ ਗੱਲ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਮਈ (ਹਿੰ.ਸ.)| ਪੰਜਾਬ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਸ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੰਡੀਅਨ ਹਾਕੀ ਫੈਡਰੇਸ਼ਨ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ, ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ, ਮਜ਼ਬੂਤ ਸੁਰੱਖਿਆ ਪ੍ਰਬੰਧ ਅਤੇ ਹਰ ਤਰ੍ਹਾਂ ਦੀਆਂ ਆਧੁਨਿਕ ਸੁਵਿਧਾਵਾਂ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਤੋਂ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਇਸ ਧਰਤੀ ਨੇ ਦੇਸ਼ ਨੂੰ ਕਈ ਮਹਾਨ ਹਾਕੀ ਖਿਡਾਰੀ ਦਿੱਤੇ ਹਨ। ਅਜਿਹੇ ਵਿੱਚ ਇਸ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਮਿਲਣਾ ਸੂਬੇ ਲਈ ਮਾਣ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਏਸ਼ੀਅਨ ਖੇਡਾਂ 3 ਅਤੇ 4 ਅਕਤੂਬਰ ਨੂੰ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਿਖਰ ਦੀਆਂ ਛੇ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗਾ।

ਭਗਵੰਤ ਸਿੰਘ ਮਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਨੂੰ ‘ਚਾਰ ਦੇਸ਼ੀ ਹਾਕੀ ਟੂਰਨਾਮੈਂਟ’ ਦੀ ਮੇਜ਼ਬਾਨੀ ਦੀ ਵੀ ਪ੍ਰਵਾਨਗੀ ਮਿਲੀ ਹੈ, ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਹੋਰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਪੰਜਾਬੀਆਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਰਾਹੀਂ “ਰੰਗਲਾ ਪੰਜਾਬ” ਬਣਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਪੰਜਾਬ ਨੇ ਦੇਸ਼ ਨੂੰ ਬੇਹਤਰੀਨ ਹਾਕੀ ਖਿਡਾਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸੂਬੇ ਨੂੰ ਪਹਿਲਾਂ ਕਦੇ ਇੰਨੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸੱਭਿਆਚਾਰ ਦੇ ਨਵੇਂ ਯੁੱਗ ਦੀ ਸ਼ੁਰੂਆਤ ਸਾਬਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਏਸ਼ੀਆ ਦੇ ਇਸ ਵੱਕਾਰੀ ਟੂਰਨਾਮੈਂਟ ਦੇ ਮੈਚ ਮੋਹਾਲੀ ਦੇ ਇਤਿਹਾਸਕ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫਲ ਮੇਜ਼ਬਾਨੀ ਨਾਲ ਆਲਮੀ ਖੇਡ ਨਕਸ਼ੇ ‘ਤੇ ਪੰਜਾਬ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਆਉਣ ਲਈ ਨਵੀਂ ਪ੍ਰੇਰਣਾ ਮਿਲੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande