
25 ਮਈ ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ ਕੰਮਕਾਜ
ਚੰਡੀਗੜ੍ਹ, 22 ਮਈ (ਹਿੰ.ਸ.)| ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨਵਾਂ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਅਤੇ ਜਨਤਕ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਸਵੇਰੇ ਹੀ ਆਪਣੇ ਸਰਕਾਰੀ ਕੰਮ ਨਿਪਟਾ ਸਕਣਗੇ ਅਤੇ ਮੁਲਾਜ਼ਮ ਵੀ ਦਿਨ ਦੌਰਾਨ ਵਧਦੇ ਤਾਪਮਾਨ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕਰਮਚਾਰੀਆਂ ਨੂੰ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਵਧੇਰੇ ਸਮਾਂ ਬਿਤਾਉਣ ਦਾ ਮੌਕਾ ਵੀ ਮਿਲੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ‘ਤੇ ਲਾਗੂ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅੰਕੜਿਆਂ ਮੁਤਾਬਕ ਬਿਜਲੀ ਦਾ ਪੀਕ ਲੋਡ ਦੁਪਹਿਰ 1 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ। ਅਜਿਹੇ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਨਾਲ ਬਿਜਲੀ ਦੀ ਖਪਤ ਅਤੇ ਬਿਜਲੀ ਢਾਂਚੇ ‘ਤੇ ਪੈਣ ਵਾਲਾ ਦਬਾਅ ਵੀ ਘੱਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH