
ਬਟਾਲਾ, 22 ਮਈ (ਹਿੰ.ਸ.)|ਨਗਰ ਨਿਗਮ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਬਟਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ।
ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਐੱਸਐੱਸਪੀ ਦਫ਼ਤਰ ਵਿਖੇ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਹਰ ਪੱਖੋਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬਟਾਲਾ ਪੁਲਿਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਐੱਸਐੱਸਪੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜੇਕਰ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕਰਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਬਟਾਲਾ ਪੁਲਿਸ ਨਗਰ ਨਿਗਮ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਸਿਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਮੌਕੇ ਐੱਸਪੀ (ਡੀ) ਸੰਦੀਪ ਵਡੇਹਰਾ, ਡੀਐੱਸਪੀ ਰਮਨਦੀਪ ਸਿੰਘ, ਡੀਐੱਸਪੀ ਤੇਜਿੰਦਰਪਾਲ ਸਿੰਘ, ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਇੰਸਪੈਕਟਰ ਸੁਖਰਾਜ ਸਿੰਘ ਅਤੇ ਐੱਸਐੱਚਓ ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH