
ਕਪੂਰਥਲਾ, 22 ਮਈ (ਹਿੰ.ਸ.)। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਫੀਸ ਰੈਗੂਲੇਟਰੀ ਬਾਡੀ ਕਪੂਰਥਲਾ ਅਕਾਸ਼ ਬਾਂਸਲ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਅਤੇ ਵਰਦੀਆਂ ਸਬੰਧੀ ਸਰਕਾਰ ਦੇ ਨਿਯਮਾਂ ਦੀ ਪਾਲਣਾ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਕਿ ਸਮੂਹ ਪ੍ਰਾਈਵੇਟ ਸਕੂਲ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ਕੀਤੇ ਗਏ ਵਾਧੇ ਦੀ ਰਿਪੋਰਟ ਅਤੇ ਫਾਰਮ ਏ, ਬੀ, ਸੀ, ਡੀ ਸਮੇਤ ਬੈਲੈਂਸ ਸ਼ੀਟ ਦਾ ਪੂਰਾ ਰਿਕਾਰਡ ਤਿਆਰ ਕਰਕੇ, ਅਗਲੇ 10 ਦਿਨਾਂ ਦੇ ਅੰਦਰ-ਅੰਦਰ ਸਕੱਤਰ ਫੀਸ ਰੈਗੂਲੇਟਰੀ ਕਮੇਟੀ ਕੋਲ ਹਲਫ਼ੀਆ ਬਿਆਨ ਸਮੇਤ ਜਮ੍ਹਾਂ ਕਰਵਾਉਣ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਬੱਚੇ ਦੇ ਪਿਤਾ ਦੀ ਮੌਤ ਹੋ ਜਾਂਦੀ ਹੈ, ਤਾਂ 'ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ' ਦੇ ਨਿਯਮਾਂ ਅਨੁਸਾਰ ਬੱਚੇ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਸਕੂਲ ਪ੍ਰਬੰਧਕ ਮਾਪਿਆਂ ਨੂੰ ਕਿਸੇ ਖ਼ਾਸ ਦੁਕਾਨ ਤੋਂ ਹੀ ਵਰਦੀਆਂ ਜਾਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰਨਗੇ ਅਤੇ ਨਾ ਹੀ ਸਕੂਲ ਦੀ ਵਰਦੀ ਦਾ ਰੰਗ ਅਤੇ ਡਿਜ਼ਾਈਨ ਸਾਲਾਂ ਬੱਧੀ ਬਦਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਕੂਲ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਫੀਸਾਂ ਸਬੰਧੀ ਕੋਈ ਸ਼ਿਕਾਇਤ ਹੈ, ਤਾਂ ਉਸਨੂੰ ਕੰਟਰੋਲ ਰੂਮ ਦੇ ਨੰਬਰ 01822-233777 ਜਾਂ ਈਮੇਲ ਆਈ.ਡੀ. dc.kpr@punjab.gov.in 'ਤੇ ਦਰਜ ਕਰਵਾਇਆ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ