ਜਲੰਧਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ ਲਈ ਤਿਆਰੀਆਂ ਤੇਜ਼: ਡਿਪਟੀ ਕਮਿਸ਼ਨਰ
ਜਲੰਧਰ, 22 ਮਈ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਸਮਾਂ-ਸਾਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ


ਜਲੰਧਰ, 22 ਮਈ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਸਮਾਂ-ਸਾਰਣੀ ਅਤੇ ਹਦਾਇਤਾਂ ਬਾਰੇ ਜਾਣੂ ਕਰਵਾਇਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਫਾਰਮ ਭਰਵਾਉਣਗੇ। ਡ੍ਰਾਫਟ ਵੋਟਰ ਸੂਚੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦਕਿ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਹੋਵੇਗੀ।

ਵਰਜੀਤ ਵਾਲੀਆ ਨੇ ਕਿਹਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਦੀ ਸਿਖਲਾਈ ਅਤੇ ਹੋਰ ਤਿਆਰੀਆਂ 15 ਜੂਨ ਤੋਂ 24 ਜੂਨ ਤੱਕ ਪੂਰੀਆਂ ਕੀਤੀਆਂ ਜਾਣਗੀਆਂ, ਜਦਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ 24 ਜੁਲਾਈ 2026 ਤੱਕ ਮੁਕੰਮਲ ਕਰ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇੱਕ ਪੋਲਿੰਗ ਸਟੇਸ਼ਨ ‘ਤੇ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਨਿਰਧਾਰਤ ਕੀਤੀ ਗਈ ਹੈ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ ਤੱਕ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਐਸ.ਆਈ.ਆਰ. ਤਹਿਤ ਸਾਰੇ ਵੋਟਰਾਂ ਲਈ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਫਾਰਮ ਭਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ।

ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande