
ਚੰਡੀਗੜ੍ਹ, 22 ਮਈ (ਹਿੰ.ਸ.)| ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਵਧ ਰਹੇ ਹਮਲਿਆਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਅਵਾਰਾ ਕੁੱਤਿਆਂ ਸਬੰਧੀ ਸੁਪਰੀਮ ਕੋਰਟ ਦੇ 19 ਮਈ 2026 ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਜਨਤਕ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਜਨਤਕ ਥਾਵਾਂ ਤੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਏ ਅਤੇ ਚਲਾਏ ਜਾਣਗੇ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁੱਦੇ ਨੂੰ ਮਾਨਵੀ ਅਤੇ ਕਾਨੂੰਨੀ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਲਕਾਅ, ਲਾਇਲਾਜ ਬਿਮਾਰੀ ਜਾਂ ਬਹੁਤ ਜ਼ਿਆਦਾ ਖ਼ਤਰਨਾਕ ਅਤੇ ਹਮਲਾਵਰ ਕੁੱਤਿਆਂ ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ ‘ਤੇ ਮਨਜ਼ੂਰਸ਼ੁਦਾ ਕਦਮ ਚੁੱਕੇ ਜਾਣਗੇ, ਜਿਨ੍ਹਾਂ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੋ ਸਕਦੀ ਹੈ। ਇਹ ਕਾਰਵਾਈ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਅਤੇ ਏ.ਬੀ.ਸੀ. ਨਿਯਮਾਂ ਅਨੁਸਾਰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕੀ ਹੈ ਅਤੇ ਕਈ ਹਮਲਿਆਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਇਸ ਲਈ ਸਰਕਾਰ ਨੇ ਲੋਕਾਂ ਦੀ ਸੁਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਫੈਸਲਾ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ ਅਤੇ ਜਨਤਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਹਮੇਸ਼ਾ ਪਹਿਲ ਦਿੱਤੀ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH