ਰਈਆ ਦੇ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਵਿਜੇ ਦੱਤ ਵੱਲੋਂ ਅਚਾਨਕ ਨਿਰੀਖਣ
ਅੰਮ੍ਰਿਤਸਰ, 22 ਮਈ (ਹਿੰ.ਸ.)| ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਈਆ ਖੇਤਰ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਦੌਰਾ ਕਰਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ)-2013 ਤਹਿਤ ਚੱਲ ਰਹੀਆਂ ਸਕੀਮਾਂ ਦੀ ਜ਼ਮੀਨੀ ਹਕੀਕਤ ਦ
ਸਕੂਲ ਦਾ ਨਿਰੀਖਣ ਕਰਦੇ ਹੋਏ ਵਿਜੇ ਦੱਤ।


ਅੰਮ੍ਰਿਤਸਰ, 22 ਮਈ (ਹਿੰ.ਸ.)| ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਈਆ ਖੇਤਰ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਦੌਰਾ ਕਰਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ)-2013 ਤਹਿਤ ਚੱਲ ਰਹੀਆਂ ਸਕੀਮਾਂ ਦੀ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਮਿਡ-ਡੇ ਮੀਲ ਦੀ ਗੁਣਵੱਤਾ, ਸਫਾਈ ਪ੍ਰਬੰਧਾਂ, ਰਸੋਈ ਪ੍ਰਣਾਲੀ ਅਤੇ ਪੀਣ ਵਾਲੇ ਪਾਣੀ ਦੀ ਉਪਲਬਧਤਾ ਦੀ ਜਾਂਚ ਕੀਤੀ।

ਵਿਜੇ ਦੱਤ ਨੇ ਸਬੰਧਤ ਅਧਿਕਾਰੀਆਂ ਅਤੇ ਸਕੂਲ ਸਟਾਫ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ।

ਦੌਰੇ ਦੌਰਾਨ ਉਨ੍ਹਾਂ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ “ਰਸੋਈ ਗਾਰਡਨ” ਵਿਕਸਤ ਕਰਨ ਲਈ ਵੀ ਪ੍ਰੇਰਿਤ ਕੀਤਾ, ਤਾਂ ਜੋ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਉਪਲਬਧ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਮਿਡ-ਡੇ ਮੀਲ ਤਿਆਰ ਕਰਨ ਵਾਲੀਆਂ ਮਹਿਲਾ ਰਸੋਈਆਂ ਨੂੰ ਸਫਾਈ ਅਤੇ ਸਿਹਤ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।

ਨਿਰੀਖਣ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕੁਝ ਸਕੂਲਾਂ ਵਿੱਚ ਬੱਚਿਆਂ ਨੂੰ ਫਲ ਵੰਡਣ ਦੇ ਨਿਰਧਾਰਤ ਦਿਨ ਬਾਰੇ ਸਹੀ ਜਾਣਕਾਰੀ ਉਪਲਬਧ ਨਹੀਂ ਸੀ। ਇਸ ‘ਤੇ ਚਿੰਤਾ ਜਤਾਉਂਦਿਆਂ ਵਿਜੇ ਦੱਤ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੱਚਿਆਂ ਨੂੰ ਸਰਕਾਰੀ ਮੀਨੂ ਅਨੁਸਾਰ ਫਲ ਅਤੇ ਪੌਸ਼ਟਿਕ ਭੋਜਨ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਨੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਨਿਯਮਤ ਟੀਡੀਐਸ ਟੈਸਟਿੰਗ ਕਰਨ ਅਤੇ “ਫੂਡ ਟੈਸਟ ਰਜਿਸਟਰ” ਨੂੰ ਸਹੀ ਢੰਗ ਨਾਲ ਅਪਡੇਟ ਰੱਖਣ ਦੀ ਹਦਾਇਤ ਵੀ ਦਿੱਤੀ। ਇਸ ਦੇ ਨਾਲ ਹੀ ਬੱਚਿਆਂ ਅਤੇ ਮਿਡ-ਡੇ ਮੀਲ ਰਸੋਈਆਂ ਦੀ ਨਿਯਮਤ ਸਿਹਤ ਜਾਂਚ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਵਿਜੇ ਦੱਤ ਨੇ ਦੌਰੇ ਦੌਰਾਨ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨਾਲ ਖਾਣਾ ਵੀ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਬੱਚਿਆਂ ਲਈ ਸੁਰੱਖਿਅਤ, ਸਾਫ਼ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਗਲੇ ਸਮੇਂ ਵਿੱਚ ਵੀ ਅਜਿਹੇ ਅਚਾਨਕ ਨਿਰੀਖਣ ਜਾਰੀ ਰਹਿਣਗੇ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਐਨਐਫਐਸਏ-2013 ਅਤੇ ਇਸ ਨਾਲ ਜੁੜੀਆਂ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਖੁਰਾਕ ਸੁਰੱਖਿਆ ਸਕੀਮਾਂ ਸੰਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ‘ਤੇ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande