
ਚੰਡੀਗੜ੍ਹ, 22 ਮਈ (ਹਿੰ.ਸ.)| ਪੰਜਾਬ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ। ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਲੰਧਰ ਅਤੇ ਪਠਾਨਕੋਟ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ।
ਦੂਜੇ ਪਾਸੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਪ੍ਰਕੋਪ ਅੱਜ ਵੀ ਜਾਰੀ ਰਿਹਾ। ਸ਼ੁੱਕਰਵਾਰ ਨੂੰ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚੱਲੀਆਂ, ਜਦਕਿ ਕੁਝ ਖੇਤਰਾਂ ਵਿੱਚ ਲੂ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ। ਪੰਜਾਬ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਚੰਡੀਗੜ੍ਹ ਮੌਸਮ ਕੇਂਦਰ ਅਨੁਸਾਰ ਅੱਜ ਅਤੇ 23 ਮਈ ਨੂੰ ਚੰਡੀਗੜ੍ਹ ਤੇ ਮੋਹਾਲੀ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੁਝ ਗਿਰਾਵਟ ਹੋ ਸਕਦੀ ਹੈ ਅਤੇ ਇਹ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 24 ਤੋਂ 26 ਮਈ ਤੱਕ ਆਸਮਾਨ ਆਮ ਤੌਰ ‘ਤੇ ਸਾਫ਼ ਰਹੇਗਾ। ਇਸ ਦੌਰਾਨ ਤਾਪਮਾਨ ਵਿੱਚ ਦੁਬਾਰਾ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ 26 ਮਈ ਤੱਕ ਪਾਰਾ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਭਿਆਨਕ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ, ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਖ਼ਾਸ ਹੀਟ ਸਟ੍ਰੋਕ ਅਤੇ ਕੂਲਿੰਗ ਵਾਰਡ ਸਥਾਪਤ ਕਰ ਦਿੱਤੇ ਹਨ। ਇਨ੍ਹਾਂ ਵਾਰਡਾਂ ਵਿੱਚ ਏਸੀ, ਕੂਲਰ, ਠੰਡੀ IV ਡ੍ਰਿਪ, ਬਰਫ਼ ਦੇ ਪੈਕ, ਓਆਰਐਸ ਅਤੇ ਐਮਰਜੈਂਸੀ ਦਵਾਈਆਂ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਸਿਹਤ ਵਿਭਾਗ ਨੇ ਸਾਰੇ ਸਿਵਲ ਸਰਜਨਾਂ ਨੂੰ ਇਹ ਵਾਰਡ 24 ਘੰਟੇ ਚਾਲੂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਐਂਬੂਲੈਂਸਾਂ ਨੂੰ ਵੀ ਮਰੀਜ਼ਾਂ ਨੂੰ ਹਸਪਤਾਲ ਲਿਆਂਦੇ ਸਮੇਂ ਠੰਢਕ ਬਣਾਈ ਰੱਖਣ ਵਾਲੇ ਉਪਕਰਣਾਂ ਨਾਲ ਲੈਸ ਕੀਤਾ ਗਿਆ ਹੈ। ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਵਧਦੀ ਗਰਮੀ ਨੂੰ ਦੇਖਦਿਆਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 25 ਮਈ ਤੋਂ ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ।
ਮੌਸਮ ਵਿਭਾਗ ਅਨੁਸਾਰ 23 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ।
ਜਦਕਿਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਭਿਆਨਕ ਹੀਟ ਵੇਵ ਦੇ ਆਸਾਰ ਹਨ। 24 ਮਈ ਨੂੰ ਪੂਰੇ ਸੂਬੇ ਵਿੱਚ ਸੀਵਿਅਰ ਹੀਟ ਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH