
ਪਟਿਆਲਾ, 23 ਮਈ (ਹਿੰ.ਸ.)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਸ਼ਹਿਰ ਦੇ ਦਸਮੇਸ਼ ਨਗਰ ਤੋਂ ਮੇਨ ਜੇਲ ਰੋਡ ਤੱਕ ਬਣ ਰਹੀ ਲਗਭਗ 2 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀ ਇਹ ਸੜਕ ਇਲਾਕਾ ਵਾਸੀਆਂ ਦੀ ਪਿਛਲੇ 15 ਸਾਲਾਂ ਤੋਂ ਚੱਲ ਰਹੀ ਮੁੱਖ ਮੰਗ ਸੀ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਉਦਘਾਟਨ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਦਸਮੇਸ਼ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਲੰਮੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਨਵੀਂ ਉਸਾਰੀ ਦੀ ਮੰਗ ਕਰ ਰਹੇ ਸਨ। ਸੜਕ ਦੀ ਖਰਾਬ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਖ਼ਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਹਾਲਾਤ ਹੋਰ ਵੀ ਮੁਸ਼ਕਿਲ ਬਣ ਜਾਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਸੜਕ ਬਣਨ ਨਾਲ ਆਵਾਜਾਈ ਸੁਗਮ ਹੋਵੇਗੀ ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਹੋਰ ਕਈ ਵਿਕਾਸ ਪ੍ਰੋਜੈਕਟਾਂ ‘ਤੇ ਵੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਲੜੀ ਜਾਰੀ ਰਹੇਗੀ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਉਨ੍ਹਾਂ ਲਈ ਲੰਬੇ ਸਮੇਂ ਤੋਂ ਇੱਕ ਵੱਡੀ ਲੋੜ ਸੀ ਅਤੇ ਹੁਣ ਇਸ ਦੇ ਬਣਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜਸਵੀਰ ਗਾਂਧੀ, ਚਰਨਜੀਤ ਐੱਸ.ਕੇ., ਐੱਮ.ਸੀ. ਮਨਦੀਪ ਸਿੰਘ ਵਿਰਦੀ, ਐੱਮ.ਸੀ. ਦੇਵਿੰਦਰ ਕੌਰ, ਉਪਕਾਰ ਸਿੰਘ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ