ਪੰਜਾਬ ਵਿੱਚ ਭਿਆਨਕ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ: ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਵਿੱਚ ਵੱਧ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਹੀਟ ਵੇਵ ਦੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਸ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ


ਚੰਡੀਗੜ੍ਹ, 23 ਮਈ (ਹਿੰ.ਸ.)| ਪੰਜਾਬ ਵਿੱਚ ਵੱਧ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਹੀਟ ਵੇਵ ਦੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਤੁਰੰਤ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਯੂਨਿਟ ਆਈਸ ਪੈਕ, ਕੋਲਡ ਆਈ.ਵੀ. ਫਲੂਇਡਜ਼ ਅਤੇ ਹੋਰ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤੇ ਗਏ ਹਨ।

ਹਸਪਤਾਲਾਂ ਵਿੱਚ ਓ.ਆਰ.ਐਸ., ਐਮਰਜੈਂਸੀ ਦਵਾਈਆਂ ਅਤੇ ਹੋਰ ਮੈਡੀਕਲ ਸਪਲਾਈ ਦਾ ਪੂਰਾ ਸਟਾਕ ਯਕੀਨੀ ਬਣਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਐਂਬੂਲੈਂਸਾਂ ਵਿੱਚ ਵੀ ਮਰੀਜ਼ਾਂ ਨੂੰ ਰਸਤੇ ਦੌਰਾਨ ਠੰਡਕ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਰਮੀ ਸਬੰਧੀ ਬਿਮਾਰੀਆਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਬਣਾਇਆ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਵਧਾਨ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਅਤੇ ਸੂਤੀ ਕੱਪੜੇ ਪਹਿਨਣ, ਦੁਪਹਿਰ ਦੇ ਸਮੇਂ ਧੁੱਪ ਤੋਂ ਬਚਣ ਅਤੇ ਭਾਰੀ ਕੰਮ ਨਾ ਕਰਨ ਦੀ ਸਲਾਹ ਦਿੱਤੀ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਸਰੀਰ ਦਾ ਤਾਪਮਾਨ ਬਹੁਤ ਵੱਧ ਜਾਣਾ, ਚੱਕਰ, ਮਤਲੀ, ਦੌਰੇ ਜਾਂ ਤੇਜ਼ ਧੜਕਣ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ 104, 108 ਜਾਂ 112 ਹੈਲਪਲਾਈਨ ’ਤੇ ਸੰਪਰਕ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande