

ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ‘ਤੇ ਬਾਈਕ ਸਵਾਰ ਹਮਲਾਵਰਾਂ ਨੇ ਕੀਤੀ ਫਾਇਰਿੰਗ; ਪੁਲਿਸ ਹਰ ਪੱਖ ਤੋਂ ਕਰ ਰਹੀ ਜਾਂਚ
ਅੰਮ੍ਰਿਤਸਰ, 24 ਮਈ (ਹਿੰ.ਸ.)| ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਐਤਵਾਰ ਸਵੇਰੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਹਿਚਾਣ ਏਐਸਆਈ ਜੋਗਾ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਟਰੈਫਿਕ ਪੁਲਿਸ ਵਿੱਚ ਤਾਇਨਾਤ ਸਨ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਏਐਸਆਈ ਜੋਗਾ ਸਿੰਘ ਸਵੇਰੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਡਿਊਟੀ ਲਈ ਅੰਮ੍ਰਿਤਸਰ ਜਾ ਰਹੇ ਸਨ। ਇਸ ਦੌਰਾਨ ਮਜੀਠਾ ਦੇ ਪਿੰਡ ਹਮਜ਼ਾ ਨੇੜੇ ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅਚਾਨਕ ਫਾਇਰਿੰਗ ਕਰ ਦਿੱਤੀ। ਹਮਲਾਵਰਾਂ ਨੇ ਏਐਸਆਈ ਨੂੰ ਦੋ ਗੋਲੀਆਂ ਮਾਰੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਕੁਝ ਹੀ ਸਮੇਂ ਬਾਅਦ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸੋਹੇਲ ਮੀਰ, ਡੀਐਸਪੀ ਕਮਲਮੀਤ ਸਿੰਘ ਅਤੇ ਥਾਣਾ ਮਜੀਠਾ ਦੇ ਐਸਐਚਓ ਕਰਮਪਾਲ ਸਿੰਘ ਪੁਲਿਸ ਟੀਮਾਂ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ, ਜਿਸ ਨੇ ਘਟਨਾ ਸਥਾਨ ਤੋਂ ਅਹਿਮ ਸਬੂਤ ਇਕੱਠੇ ਕੀਤੇ। ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ।
ਐਸਐਸਪੀ ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਅੰਮ੍ਰਿਤਸਰ ਵਿੱਚ ਤਾਇਨਾਤ ਏਐਸਆਈ ਜੋਗਾ ਸਿੰਘ, ਜੋ ਬਟਾਲਾ ਦੇ ਪਿੰਡ ਘਨੀਕੇ ਬਾਂਗੜ ਦੇ ਰਹਿਣ ਵਾਲੇ ਸਨ, ਸਵੇਰੇ ਮੋਟਰਸਾਈਕਲ ‘ਤੇ ਅੰਮ੍ਰਿਤਸਰ ਜਾ ਰਹੇ ਸਨ। ਮੁੱਢਲੀ ਜਾਂਚ ਮੁਤਾਬਕ ਰਸਤੇ ਵਿੱਚ ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਬਟਾਲਾ-ਮਜੀਠਾ ਰੋਡ ਤੋਂ ਹਟ ਕੇ ਸੜਕ ਕਿਨਾਰੇ ਵਾਪਰੀ ਦੱਸੀ ਜਾ ਰਹੀ ਹੈ। ਹੱਤਿਆ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮਾਮਲੇ ਵਿੱਚ ਨਿੱਜੀ ਰੰਜਿਸ਼, ਟਾਰਗੇਟ ਕਿਲਿੰਗ ਅਤੇ ਰੋਡ ਰੇਜ ਸਮੇਤ ਹਰ ਸੰਭਾਵਨਾ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH