
ਬਟਾਲਾ, 24 ਮਈ (ਹਿੰ.ਸ.)| ਨਗਰ ਨਿਗਮ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬਟਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਬਟਾਲਾ ਪੁਲਿਸ ਵੱਲੋਂ ਇਹ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਲੈਗ ਮਾਰਚ ਗਾਂਧੀ ਚੌਂਕ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਐੱਸਐੱਸਪੀ ਦਫ਼ਤਰ ਵਿਖੇ ਸਮਾਪਤ ਹੋਇਆ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਹੈ। ਬਟਾਲਾ ਪੁਲਿਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਅਤੇ ਸਮਾਜ ਵਿਰੋਧੀ ਤੱਤਾਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਐੱਸਐੱਸਪੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸ਼ਹਿਰ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਭਰੋਸਾ ਦਿੱਤਾ ਕਿ ਬਟਾਲਾ ਵਿੱਚ ਨਗਰ ਨਿਗਮ ਚੋਣਾਂ ਪੂਰੇ ਅਮਨ-ਅਮਾਨ ਨਾਲ ਕਰਵਾਈਆਂ ਜਾਣਗੀਆਂ। ਇਸ ਮੌਕੇ ਐੱਸਪੀ (ਡੀ) ਸੰਦੀਪ ਵਡੇਹਰਾ, ਡੀਐੱਸਪੀ ਰਮਨਦੀਪ ਸਿੰਘ, ਡੀਐੱਸਪੀ ਤੇਜਿੰਦਰਪਾਲ ਸਿੰਘ, ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਇੰਸਪੈਕਟਰ ਸੁਖਰਾਜ ਸਿੰਘ, ਐੱਸਐੱਚਓ ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH