
ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਮੱਦੇਨਜ਼ਰ ਸਰਕਾਰ ਦੇ ਹੁਕਮ
ਚੰਡੀਗੜ੍ਹ, 24 ਮਈ (ਹਿੰ.ਸ.)| ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 26 ਮਈ 2026 ਨੂੰ ਚੋਣ ਵਾਲੇ ਇਲਾਕਿਆਂ ਵਿੱਚ “ਡਰਾਈ ਡੇ” ਘੋਸ਼ਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਕਮਿਸ਼ਨਰ ਪੰਜਾਬ ਜਤਿੰਦਰ ਜੌਰਵਾਲ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੰਬੰਧਿਤ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਰਹੇਗੀ।
ਉਨ੍ਹਾਂ ਦੱਸਿਆ ਕਿ ਡਰਾਈ ਡੇ ਦੌਰਾਨ ਸਾਰੇ ਸ਼ਰਾਬ ਦੇ ਠੇਕੇ, ਅਹਾਤੇ, ਬਾਰ, ਹੋਟਲਾਂ ਵਿੱਚ ਚੱਲ ਰਹੇ ਬਾਰ ਅਤੇ ਹੋਰ ਸ਼ਰਾਬ ਵੇਚਣ ਵਾਲੇ ਸਥਾਨ ਬੰਦ ਰਹਿਣਗੇ। ਐਕਸਾਈਜ਼ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਲਿਆ ਗਿਆ ਹੈ।
ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਡਰਾਈ ਡੇ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਕਸਾਈਜ਼ ਕਮਿਸ਼ਨਰ ਨੇ ਸਮੂਹ ਲਾਇਸੰਸੀ ਹੋਲਡਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ।
ਹਿੰਦੂਸਥਾਨ ਸਮਾਚਾਰ / GURSHARAN SINGH