
ਚੰਡੀਗੜ੍ਹ, 24 ਮਈ (ਹਿੰ.ਸ.)| ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।
ਬਿਜਲੀ ਮੰਤਰੀ ਨੇ ਦੱਸਿਆ ਕਿ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ 8 ਘੰਟੇ ਬਿਜਲੀ ਸਪਲਾਈ ਦਾ ਸ਼ਡਿਊਲ ਲਾਗੂ ਹੋਵੇਗਾ। ਇਸ ਤੋਂ ਬਾਅਦ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ ਇਹ ਪ੍ਰਬੰਧ ਸ਼ੁਰੂ ਕੀਤਾ ਜਾਵੇਗਾ। 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਵਿੱਚ ਕਿਸਾਨਾਂ ਨੂੰ 8 ਘੰਟਿਆਂ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਗਈ ਹੈ ਅਤੇ ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਾਰੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਹਨ।
ਸੌਂਦ ਨੇ ਦੱਸਿਆ ਕਿ ਪੀਐਸਪੀਸੀਐਲ ਦੀਆਂ ਟੀਮਾਂ ਨੂੰ 24 ਘੰਟੇ ਤਾਇਨਾਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਟ੍ਰਾਂਸਫਾਰਮਰ ਖਰਾਬੀ ਜਾਂ ਹੋਰ ਤਕਨੀਕੀ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਟਰੋਲ ਰੂਮ ਅਤੇ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਢਾਂਚੇ ਦੀ ਲੋੜੀਂਦੀ ਮੁਰੰਮਤ ਦਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ ਤਾਂ ਜੋ ਸੀਜ਼ਨ ਦੌਰਾਨ ਬਿਜਲੀ ਸਪਲਾਈ ਵਿੱਚ ਰੁਕਾਵਟ ਨਾ ਆਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਵੱਲੋਂ ਜਾਰੀ ਸ਼ਡਿਊਲ ਦੀ ਪਾਲਣਾ ਕਰਨ। ਨਾਲ ਹੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH