
ਚੰਡੀਗੜ੍ਹ, 24 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਅੱਜ 24 ਮਈ ਤੋਂ ਲੂ ਦਾ ਪ੍ਰਭਾਵ ਸ਼ੁਰੂ ਹੋ ਗਿਆ ਹੈ, ਜਦਕਿ 25, 26 ਅਤੇ 27 ਮਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਤਿੱਖੀ ਗਰਮੀ ਅਤੇ ਲੂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 28 ਅਤੇ 29 ਮਈ ਨੂੰ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਇਸ ਦੌਰਾਨ ਗਰਜ-ਚਮਕ ਨਾਲ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਸੀਸੀਪੀਸੀਆਰ) ਨੇ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਸਕੂਲਾਂ ਵਿੱਚ ਲੱਗ ਰਹੇ ਸਮਰ ਕੈਂਪਾਂ ਦੌਰਾਨ ਆਊਟਡੋਰ ਗਤੀਵਿਧੀਆਂ ’ਤੇ ਰੋਕ ਲਾ ਦਿੱਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਬੱਚਿਆਂ ਨੂੰ ਸਿਰਫ਼ ਠੰਢੇ ਅਤੇ ਸੁਰੱਖਿਅਤ ਮਾਹੌਲ ਵਿੱਚ ਹੀ ਗਤੀਵਿਧੀਆਂ ਕਰਵਾਈਆਂ ਜਾਣ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 1.6 ਡਿਗਰੀ ਵੱਧ ਹੈ। ਸ਼ਨੀਵਾਰ ਨੂੰ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵਿਭਾਗ ਅਨੁਸਾਰ 24 ਅਤੇ 25 ਮਈ ਨੂੰ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਤਾਪਮਾਨ 40 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 26 ਅਤੇ 27 ਮਈ ਨੂੰ ਅਸਮਾਨ ਸਾਫ਼ ਰਹੇਗਾ ਅਤੇ ਗਰਮੀ ਹੋਰ ਵੱਧ ਸਕਦੀ ਹੈ। ਇਸ ਦੌਰਾਨ ਤਾਪਮਾਨ 42 ਤੋਂ 43 ਡਿਗਰੀ ਤੱਕ ਪਹੁੰਚ ਸਕਦਾ ਹੈ। 28 ਮਈ ਨੂੰ ਮੁੜ ਅੰਸ਼ਿਕ ਬੱਦਲ ਛਾਉਣ ਅਤੇ ਤਾਪਮਾਨ 44 ਡਿਗਰੀ ਤੱਕ ਜਾਣ ਦੇ ਆਸਾਰ ਹਨ।
ਇਸੇ ਦੌਰਾਨ ਚੰਡੀਗੜ੍ਹ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਹੀਟਵੇਵ ਪ੍ਰਭਾਵਿਤ ਮਰੀਜ਼ਾਂ ਲਈ ਖਾਸ ਸੈਂਟਰ ਵੀ ਬਣਾਏ ਗਏ ਹਨ ਅਤੇ ਲੋਕਾਂ ਲਈ ਮੌਸਮੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH