
ਮੋਹਾਲੀ, 24 ਮਈ (ਹਿੰ.ਸ.)| ਮੋਹਾਲੀ ਪੁਲਿਸ ਵੱਲੋੱ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਦੇ ਹਿਦਾਇਤਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਦੀ ਚਲਾਈ ਗਈ ਮਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਨ ਹਰਜੀਤ ਸਿੰਘ ਉਰਫ ਹੈਰੀ ਟਿਵਾਣਾ ਵਾਸੀ ਭਰੈਲੀ ਬਰਵਾਲਾ, ਹਰਿਆਣਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਉਣ ਵਾਲੀ ਭੋਲੀ-ਭਾਲੀ ਸੰਗਤ ਨੂੰ ਗੁੰਮਰਾਹ ਕਰਕੇ ਉਹਨਾਂ ਦੀਆਂ ਮਜ਼ਬੂਰੀਆਂ ਦਾ ਫਾਇਦਾ ਚੁੱਕ ਕੇ ਅਤੇ ਅੰਧ-ਵਿਸ਼ਵਾਸ਼ ਵਿੱਚ ਪਾ ਕੇ ਗੁਰਦੁਆਰਾ ਸਾਹਿਬ ਦੇ ਨਾਮ ਦੀਆਂ ਜਾਅਲੀ ਪਰਚੀਆਂ ਬਣਾਕੇ ਲੋਕਾਂ ਤੋਂ ਭੇਟਾਂ ਦੇ ਨਾਮ ’ਤੇ ਹਜ਼ਾਰਾਂ ਰੁਪਏ ਦੀ ਠੱਗੀ ਮਾਰਦਾ ਸੀ। ਉਹਨਾਂ ਦੱਸਿਆ ਕਿ ਪੁਲਿਸ ਨੂੰ ਇਸ ਸੰਬੰਧੀ ਜਾਣਕਾਰੀ ਮਿਲਣ ’ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਬੀ.ਐਨ.ਐਸ. ਦੀ ਧਾਰਾ 316(2), 318(4), 336(2), 336(3), 338, 340(2) ਤਹਿਤ ਮਾਮਲਾ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH