
ਐੱਸ.ਏ.ਐੱਸ. ਨਗਰ, 25 ਮਈ (ਹਿੰ.ਸ.)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਖ਼ਿਲਾਫ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।
ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਰਾਹੀਂ ਚੋਣ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਅਤੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ ਵਿੱਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਉਕਤ ਅਧਿਕਾਰੀ ਵੱਲੋਂ ਗੱਡੀਆਂ (ਨੰਬਰ ਪੀਬੀ 65 ਬੀਜੇ 9908, ਪੀਬੀ 12 ਐਮ 2031, ਅਤੇ ਟੀ0426ਸੀਐਚ 8403ਏ) ਰਾਹੀਂ ਹਲਕੇ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰ. ਪੀਬੀ 65 ਬੀਜੇ 9908, ਜੋ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ, ਵਿੱਚੋਂ ਤੇਜ਼ਧਾਰ ਹਥਿਆਰ, ਪੁਲਿਸ ਅਧਿਕਾਰੀ ਦੀ ਵਰਦੀ ਅਤੇ ਵੱਡੀ ਗਿਣਤੀ ਵਿੱਚ ਨਜ਼ਾਇਜ਼ ਸ਼ਰਾਬ ਫੜੀ ਗਈ ਹੈ।
ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਨਾਲ ਚੋਣ ਕਮਿਸ਼ਨਰ ਨੂੰ ਤਸਵੀਰਾਂ, ਵੀਡੀਓ ਕਲਿਪਾਂ ਅਤੇ ਸੀ.ਸੀ.ਟੀ.ਵੀ. ਦੀ ਫੁਟੇਜ ਵੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਪੁਲਿਸ ਦੇ ਸਟਿੱਕਰ ਲੱਗੀ ਗੱਡੀ ਦੀ ਵਰਤੋਂ ਚੋਣਾਂ ਲਈ ਸ਼ਰਾਬ ਦੀ ਸਪਲਾਈ ਵਾਸਤੇ ਹੁੰਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਇਸ ਨੂੰ ਪੁਲਿਸ ਤੰਤਰ ਅਤੇ ਸਰਕਾਰੀ ਰਸੂਖ ਦੀ ਸ਼ਰੇਆਮ ਦੁਰਵਰਤੋਂ ਦੱਸਿਆ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਹਾਲ ਰੱਖਣ ਲਈ ਤੁਰੰਤ ਸੁਤੰਤਰ ਜਾਂਚ, ਗੱਡੀਆਂ ਤੇ ਵੀਡੀਓ ਜ਼ਬਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਵਿਭਾਗੀ ਤੇ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ