
ਚੰਡੀਗੜ੍ਹ, 25 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਲੂ ਕਾਰਨ ਹਾਲਾਤ ਬਹੁਤ ਗੰਭੀਰ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਐਤਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਵੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਭਿਆਨਕ ਹੀਟਵੇਵ ਚੱਲਣ ਦੀ ਸੰਭਾਵਨਾ ਹੈ। ਜਦਕਿ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 27 ਮਈ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 29 ਅਤੇ 30 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਤੱਕ ਵੱਧ ਸਕਦਾ ਹੈ, ਜਿਸ ਤੋਂ ਬਾਅਦ 3 ਤੋਂ 5 ਡਿਗਰੀ ਤੱਕ ਕਮੀ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 28, 29 ਅਤੇ 30 ਮਈ ਨੂੰ ਕਈ ਇਲਾਕਿਆਂ ਵਿੱਚ ਗਰਜ-ਚਮਕ, ਧੂੜ ਭਰੀ ਹਨ੍ਹੇਰੀ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH