
ਚੰਡੀਗੜ੍ਹ, 26 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ, ਜਿਸ ਵਿੱਚ ਮਾਨ ਨੇ ਕਿਹਾ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 9 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਤਾਂ ਭਰਮ ਦੀ ਦੁਨੀਆ ਵਿੱਚ ਰਹਿ ਰਹੇ ਹਨ ਜਾਂ ਫਿਰ ਜਾਣ-ਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਵੜਿੰਗ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ 2017 ਤੋਂ ਵੀ ਵਧੀਆ ਪ੍ਰਦਰਸ਼ਨ ਕਰੇਗੀ, ਕਿਉਂਕਿ ਪੰਜਾਬ ਦੇ ਲੋਕਾਂ ਨੂੰ ਹੁਣ ਅਹਿਸਾਸ ਹੋ ਗਿਆ ਹੈ ਕਿ 2022 ਵਿੱਚ ਉਨ੍ਹਾਂ ਤੋਂ ਵੱਡੀ ਗਲਤੀ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਹਲਫਨਾਮੇ ਉੱਪਰ ਲਿਖ ਕੇ ਦੇ ਸਕਦੇ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਦਹਾਈ ਦਾ ਅੰਕੜਾ ਵੀ ਪਾਰ ਨਹੀਂ ਕਰੇਗੀ, ਕਿਉਂਕਿ ਲੋਕ ਆਪ ਸਰਕਾਰ ਦੀ ਦਿਖਾਵੇਬਾਜ਼ੀ ਅਤੇ ਡਰਾਮਿਆਂ ਤੋਂ ਤੰਗ ਆ ਚੁੱਕੇ ਹਨ।
ਰਾਜਾ ਵੜਿੰਗ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ, ਪਰ ਪਾਰਟੀ ਸਿਰਫ਼ 3 ਸੀਟਾਂ ਹੀ ਜਿੱਤ ਸਕੀ। ਉਨ੍ਹਾਂ ਕਿਹਾ ਕਿ 2022 ਵਿੱਚ 92 ਵਿਧਾਨ ਸਭਾ ਹਲਕੇ ਜਿੱਤਣ ਵਾਲੀ ਆਪ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਘਟ ਕੇ ਸਿਰਫ਼ 32 ਹਲਕਿਆਂ ਤੱਕ ਸਿਮਟ ਗਈ ਸੀ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਅਤੇ ਨਸ਼ਿਆਂ ਦਾ ਫੈਲਾਅ ਬੇਕਾਬੂ ਹੋ ਚੁੱਕਾ ਹੈ, ਜਿਸ ਕਾਰਨ ਲੋਕਾਂ ਵਿੱਚ ਆਪ ਸਰਕਾਰ ਖ਼ਿਲਾਫ਼ ਭਾਰੀ ਗੁੱਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭ੍ਰਿਸ਼ਟਾਚਾਰ ਨੇ ਵੀ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਵੜਿੰਗ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਦੌਰਾਨ ਨਸ਼ਿਆਂ ਅਤੇ ਗੈਂਗਸਟਰਾਂ ਦੀ ਹਿੰਮਤ ਇੰਨੀ ਨਹੀਂ ਸੀ ਜਿੰਨੀ ਅੱਜ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਤਸਕਰੀ ਅਤੇ ਅਪਰਾਧ ਦੇ ਮਾਮਲੇ ਵਿੱਚ ਆਪ ਸਰਕਾਰ ਨੇ ਅਕਾਲੀ ਦਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਦੁਹਰਾਇਆ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ, ਜਦਕਿ ਆਮ ਆਦਮੀ ਪਾਰਟੀ ਆਪਣੀ ਸਿਆਸੀ ਹੋਂਦ ਬਚਾਉਣ ਲਈ ਸੰਘਰਸ਼ ਕਰਦੀ ਨਜ਼ਰ ਆਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH