ਡੀ.ਸੀ. ਕੋਮਲ ਮਿੱਤਲ ਨੇ ਐਸ.ਆਈ.ਆਰ. ਸਬੰਧੀ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ
ਮੋਹਾਲੀ, 26 ਮਈ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ 25 ਜੂਨ ਤੋਂ ਸ਼ੁਰੂ ਹੋਣ ਵਾਲੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੀ ਤਿਆਰੀ ਵਜੋਂ ਬੂਥ
ਡੀ.ਸੀ. ਕੋਮਲ ਮਿੱਤਲ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਦੇ ਹੋਏ।


ਮੋਹਾਲੀ, 26 ਮਈ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਵਿੱਚ 25 ਜੂਨ ਤੋਂ ਸ਼ੁਰੂ ਹੋਣ ਵਾਲੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੀ ਤਿਆਰੀ ਵਜੋਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਅਤੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ 15 ਜੂਨ ਤੋਂ 24 ਜੂਨ ਤੱਕ ਸਿਖਲਾਈ ਦਿੱਤੀ ਜਾਵੇਗੀ।

ਮੀਟਿੰਗ ਦੌਰਾਨ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਹਰ ਪੋਲਿੰਗ ਬੂਥ ਲਈ ਬੀ.ਐਲ.ਏ. ਨਿਯੁਕਤ ਕੀਤੇ ਜਾਣ ਤਾਂ ਜੋ ਵਿਸ਼ੇਸ਼ ਸੁਧਾਈ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏ. ਬੀ.ਐਲ.ਓਜ਼ ਨਾਲ ਮਿਲ ਕੇ ਹਰ ਯੋਗ ਵੋਟਰ ਤੋਂ ਇਨਯੂਮੇਰੇਸ਼ਨ ਫਾਰਮ ਭਰਵਾਉਣ ਵਿੱਚ ਵੀ ਸਹਾਇਤਾ ਕਰਨਗੇ।

ਉਨ੍ਹਾਂ ਦੱਸਿਆ ਕਿ ਇਹ ਪੁਨਰ ਸਮੀਖਿਆ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਹੈ ਅਤੇ ਇਸ ਵਿੱਚ ਸਿਆਸੀ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀ.ਐਲ.ਓ. ਪਹਿਲਾਂ ਹੀ ਮੈਦਾਨੀ ਪੱਧਰ ’ਤੇ ਵੈਰੀਫਿਕੇਸ਼ਨ ਅਤੇ ਵੋਟਰ ਡਾਟਾ ਅਪਡੇਟ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐਲ.ਏ. ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਵੋਟਰਾਂ ਦੇ ਵੇਰਵਿਆਂ ਨਾਲ ਸਬੰਧਤ ਗਲਤੀਆਂ ਦੀ ਪਛਾਣ ਕਰਨ ਵਿੱਚ ਸਹਿਯੋਗ ਦੇ ਸਕਦੇ ਹਨ। ਕੋਮਲ ਮਿੱਤਲ ਨੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਸਾਰੇ ਹਿੱਸੇਦਾਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਸੂਚੀ 'ਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਕੋਈ ਅਯੋਗ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਾ ਰਹੇ।

ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਹਰ ਵੋਟਰ ਦਾ ਇਨਯੂਮੇਰੇਸ਼ਨ ਫਾਰਮ ਭਰਿਆ ਜਾਵੇਗਾ, ਜਿਸ ਤੋਂ ਬਾਅਦ 31 ਜੁਲਾਈ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਥਾਨਾਂ ਦੀ ਰੈਸ਼ਨਲਾਈਜ਼ੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ ’ਤੇ ਇਤਰਾਜ਼ ਅਤੇ ਦਾਅਵੇ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਦਾਖ਼ਲ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 31 ਜੁਲਾਈ ਤੋਂ 28 ਸਤੰਬਰ 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਣਵਾਈ ਅਤੇ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਲਦ ਤੋਂ ਜਲਦ ਜਮ੍ਹਾਂ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਵੋਟਰਾਂ ਦੀ ਪ੍ਰੀ-ਮੈਪਿੰਗ ਦਾ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ 66.03 ਫ਼ੀਸਦੀ ਡਾਟਾ ਮੈਪ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਦੇ ਮੱਦੇਨਜ਼ਰ 2003 ਤੋਂ ਬਾਅਦ ਦਰਜ ਹੋਏ ਹਰ ਵੋਟ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕਰਨ ਦੀ ਲੋੜ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੁਨਰ ਸਮੀਖਿਆ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਨਿਰਪੱਖ ਅਤੇ ਪਾਰਦਰਸ਼ੀ ਵੋਟਰ ਸੂਚੀ ਸੰਸ਼ੋਧਨ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande