
ਫਰੀਦਕੋਟ, 27 ਮਈ (ਹਿੰ.ਸ.)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਰਾਹੁਲ ਚਾਬਾ ਨੇ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਭਾਗ ਲੈ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਅਤੇ ਤਸਦੀਕ ਕਰਵਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਕੁੱਲ 4 ਲੱਖ 93 ਹਜ਼ਾਰ 236 ਵੋਟਰ ਹਨ, ਜਿਨ੍ਹਾਂ ਵਿੱਚੋਂ ਪ੍ਰੀ-ਐਸ.ਆਈ.ਆਰ. ਮੈਪਿੰਗ ਦੌਰਾਨ 4 ਲੱਖ 16 ਹਜ਼ਾਰ 95 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 84.36 ਫੀਸਦੀ ਬਣਦਾ ਹੈ।
ਰਾਹੁਲ ਚਾਬਾ ਨੇ ਦੱਸਿਆ ਕਿ ਮੁੱਖ ਐਸ.ਆਈ.ਆਰ. ਦੀ ਪ੍ਰਕਿਰਿਆ 25 ਜੂਨ 2026 ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ 15 ਜੂਨ ਤੋਂ 24 ਜੂਨ 2026 ਤੱਕ ਇਲੈਕਟੋਰਲ ਰੋਲ ਦੀ ਪ੍ਰਿੰਟਿੰਗ ਦਾ ਕੰਮ ਕੀਤਾ ਜਾਵੇਗਾ। ਇਸ ਉਪਰੰਤ 25 ਜੂਨ ਤੋਂ ਇਨਿਊਮੇਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਲੋੜ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੀ-ਅਰੇਂਜਮੈਂਟ ਵੀ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ 31 ਜੁਲਾਈ 2026 ਨੂੰ ਵੋਟਰ ਸੂਚੀ ਦਾ ਡਰਾਫਟ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ