ਮੋਗਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਮੋਗਾ, 27 ਮਈ (ਹਿੰ.ਸ.)| ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਅਤੇ ਡਿਲੀਵਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਅਤੇ ਵੱਖ-ਵੱਖ ਤੇਲ ਮਾਰਕੀਟਿ
ਮੀਟਿੰਗ ਕਰਦੇ ਹੋਏ ਡੀ.ਸੀ. ਮੋਗਾ।


ਮੋਗਾ, 27 ਮਈ (ਹਿੰ.ਸ.)| ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਅਤੇ ਡਿਲੀਵਰੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ ਅਤੇ ਵੱਖ-ਵੱਖ ਤੇਲ ਮਾਰਕੀਟਿੰਗ ਕੰਪਨੀਆਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਆਇਲ ਕੰਪਨੀਆਂ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਮੋਗਾ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵੀ ਪੈਟਰੋਲ ਪੰਪ ’ਤੇ ਤੇਲ ਦੀ ਕਮੀ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ’ਤੇ ਕੋਈ ਪਾਬੰਦੀ ਨਹੀਂ ਹੈ, ਹਾਲਾਂਕਿ ਗੈਰਅਧਿਕਾਰਤ ਕੰਟੇਨਰਾਂ ਵਿੱਚ ਤੇਲ ਦੀ ਵਿਕਰੀ ਅਤੇ ਲੋੜ ਤੋਂ ਵੱਧ ਵਿਕਰੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਪੈਟਰੋਲ ਪੰਪਾਂ ਨੂੰ ਅਡਵਾਂਸ ਭੁਗਤਾਨ ਪ੍ਰਣਾਲੀ ਕਾਰਨ ਅਸਥਾਈ ਦਿੱਕਤਾਂ ਆਈਆਂ ਸਨ, ਪਰ ਹੁਣ ਸਾਰੇ ਪੰਪਾਂ ਨੂੰ ਲੋੜ ਅਨੁਸਾਰ ਸਪਲਾਈ ਦਿੱਤੀ ਜਾ ਰਹੀ ਹੈ। ਜਿਹੜੇ ਪੰਪਾਂ ’ਤੇ ਸਟਾਕ ਘਟਣ ਦੀ ਸਥਿਤੀ ਬਣ ਰਹੀ ਹੈ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ।

ਘਰੇਲੂ ਗੈਸ ਸਪਲਾਈ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਗੈਸ, ਐਚਪੀ ਗੈਸ ਅਤੇ ਇੰਡੇਨ ਗੈਸ ਏਜੰਸੀਆਂ ਵੱਲੋਂ ਰੋਜ਼ਾਨਾ ਹਜ਼ਾਰਾਂ ਗੈਸ ਸਿਲੰਡਰ ਖਪਤਕਾਰਾਂ ਤੱਕ ਪਹੁੰਚਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਪੈਨਿਕ ਬੁਕਿੰਗ ਕਾਰਨ ਡਿਲੀਵਰੀ ਵਿੱਚ ਦੇਰੀ ਹੋਈ ਸੀ, ਪਰ ਹੁਣ ਸਥਿਤੀ ਵਿੱਚ ਕਾਫੀ ਸੁਧਾਰ ਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਆਇਲ ਮਾਰਕੀਟਿੰਗ ਕੰਪਨੀਆਂ ਅਤੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਤੇਲ ਜਾਂ ਗੈਸ ਦੀ ਬੇਲੋੜੀ ਸਟਾਕਿੰਗ ਜਾਂ ਪੈਨਿਕ ਬੁਕਿੰਗ ਤੋਂ ਗੁਰੇਜ਼ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande