
ਮੋਗਾ, 27 ਮਈ (ਹਿੰ.ਸ.)| ਮੋਗਾ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ “ਯੁੱਧ ਨਸ਼ਿਆਂ ਦੇ ਵਿਰੁੱਧ” ਅਭਿਆਨ ਤਹਿਤ ਛਿਲਕਾ ਤੂੜੀ ਵਰਕਰ ਯੂਨੀਅਨ ਦੇ ਮਜ਼ਦੂਰਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਪ੍ਰੋਗਰਾਮ ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡੀਐਸਪੀ ਸਬ ਡਿਵੀਜ਼ਨ ਮੋਗਾ ਤੇ ਡੀਐਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਵਿੱਚ ਕਰਵਾਇਆ ਗਿਆ। ਕੈਂਪ ਦੌਰਾਨ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਦੇ ਇੰਚਾਰਜ ਏਐਸਆਈ ਕੇਵਲ ਸਿੰਘ ਨੇ ਮਜ਼ਦੂਰਾਂ ਨੂੰ ਟ੍ਰੈਫਿਕ ਨਿਯਮਾਂ, ਸੜਕ ਚਿੰਨ੍ਹਾਂ ਅਤੇ ਸੜਕ ਸੁਰੱਖਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ।
ਏਐਸਆਈ ਕੇਵਲ ਸਿੰਘ ਨੇ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਪਹਿਨਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਨਸ਼ੇ ਦੀ ਹਾਲਤ ਵਿੱਚ ਗੱਡੀ ਨਾ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਵਾਹਨ ਨਾਲ ਸਬੰਧਤ ਸਾਰੇ ਦਸਤਾਵੇਜ਼ ਪੂਰੇ ਰੱਖਣ ਅਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਐਮਰਜੈਂਸੀ ਦੌਰਾਨ 112 ਹੈਲਪਲਾਈਨ ਨੰਬਰ ਦੀ ਵਰਤੋਂ ਕਰਨ ਲਈ ਵੀ ਜਾਗਰੂਕ ਕੀਤਾ ਗਿਆ।
ਕੈਂਪ ਦੌਰਾਨ ਮਜ਼ਦੂਰਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਤਸਕਰਾਂ ਬਾਰੇ ਗੁਪਤ ਜਾਣਕਾਰੀ ਹੈਲਪਲਾਈਨ ਨੰਬਰ 97791-00200 ’ਤੇ ਸਾਂਝੀ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸਾਈਬਰ ਅਪਰਾਧਾਂ ਅਤੇ ਆਨਲਾਈਨ ਠੱਗੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੰਦਿਆਂ ਸਾਈਬਰ ਹੈਲਪਲਾਈਨ ਨੰਬਰ 1930 ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਯੂਨੀਅਨ ਪ੍ਰਧਾਨ ਜਗਰੂਪ ਸਿੰਘ ਸਮੇਤ ਹੋਰ ਮੈਂਬਰ ਵੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH