
ਅੰਮ੍ਰਿਤਸਰ, 27 ਮਈ (ਹਿੰ.ਸ.)। ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ 15 ਜੂਨ 2026 ਤੋਂ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ (ਐਸ.ਆਈ.ਆਰ) ਦੇ ਸਬੰਧ ਵਿੱਚ ਜ਼ਿਲ੍ਹਾ ਅੰਮਿਤਸਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੇ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਜਿਲ੍ਹੇ ਵਿੱਚ 55 ਵਾਧੂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ, 2 ਸੁਪਰਵਾਈਜ਼ਰ, 5 ਜਿਲ੍ਹਾ ਲੈਵਲ ਮਾਸਟਰ ਟ੍ਰੇਨਰ ਅਤੇ 2134 ਬੀ.ਐੱਲ.ਓਜ਼ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਫਾਰਮ ਭਰਵਾਏ ਜਾਣਗੇ। ਡਰਾਫਟ ਵੋਟਰ ਸੂਚੀ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਮਿਤੀ 30 ਅਗਸਤ 2026 ਤੱਕ ਲਏ ਜਾਣਗੇ ਜਿਨ੍ਹਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਲਈ ਮਿਤੀ 15 ਜੂਨ 2026 ਤੋਂ ਮਿਤੀ 20 ਜੂਨ 2026 ਤੱਕ ਸਪੈਸ਼ਲ ਟ੍ਰੇਨਿੰਗ ਰੱਖੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ