
ਮੋਹਾਲੀ, 27 ਮਈ (ਹਿੰ.ਸ.)| ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਜਤਿੰਦਰ ਸਿੰਘ ਬੈਂਸ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੱਸਾ ਰੰਘੜ ਦਾ ਸਿਰ ਵੱਢ ਕੇ ਨੇਜੇ ਤੇ ਟੰਗ ਕੇ ਲਿਜਾੳਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਦਲਬੀਰ ਸਿੰਘ ਤਰਮਾਲਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਤਤਾ ਦਸਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਨਿਕੁਲ ਸਿੰਘ ਦੇਹਰਾਦੂਨ ਵਾਲੇ, ਬੀਬੀ ਸਰਬਜੀਤ ਕੌਰ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਮਨਜੋਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਬੂਟਾ ਸਿੰਘ ਪਟਿਆਲਾ ਵਾਲੇ, ਭਾਈ ਨਿਰਮਲਪ੍ਰੀਤ ਸਿੰਘ ਰਾਜਪੁਰਾ ਵਾਲੇ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਦਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਹਿੰਦੂਸਥਾਨ ਸਮਾਚਾਰ / GURSHARAN SINGH