
ਹੁਸ਼ਿਆਰਪੁਰ, 27 ਮਈ (ਹਿੰ.ਸ.)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਪਰ ਪੂਰਨ ਪਾਬੰਦੀ ਲਗਾਈ ਗਈ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸੇ ਮੁਹਿੰਮ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।
ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ, ਸੈਨੇਟਰੀ ਸੁਪਰਵਾਈਜਰ ਸੂਰਜ ਕੁਮਾਰ ਅਤੇ ਸੈਨੇਟਰੀ ਸੁਪਰਵਾਈਜਰ ਸੰਜੀਵ ਕੁਮਾਰ ਨੇ ਆਪਣੀ ਪੈਟਰੋਲਿੰਗ ਟੀਮ ਸਮੇਤ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਅਹਿਮ ਇਲਾਕਿਆਂ ਵਿੱਚ ਸਵੇਰੇ ਵਿਸ਼ੇਸ਼ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 2 ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਮੌਕੇ ‘ਤੇ ਹੀ ਲਗਭਗ 45 ਕਿਲੋ ਸਿੰਗਲ ਯੂਜ਼ ਪਲਾਸਟਿਕ ਸਮੱਗਰੀ ਜ਼ਬਤ ਕੀਤੀ ਗਈ।
ਕਮਿਸ਼ਨਰ ਨਗਰ ਨਿਗਮ ਨੇ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ ਅਤੇ ਵਾਤਾਵਰਣ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ