
ਲੁਧਿਆਣਾ, 28 ਮਈ (ਹਿੰ.ਸ.)| ਲੁਧਿਆਣਾ ਦੀ ਗਿੱਲ ਨਹਿਰ ਵਿੱਚ ਨ੍ਹਾਉਣ ਗਏ 11 ਸਾਲਾ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਮੰਗਲਵਾਰ ਸਵੇਰੇ ਘਰ ਤੋਂ ਨਿਕਲੇ ਬੱਚੇ ਦੀ ਲਾਸ਼ ਬੁੱਧਵਾਰ ਦੇਰ ਸ਼ਾਮ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਨਹਿਰ ਵਿੱਚੋਂ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਹਿਚਾਣ ਤਰਨਜੀਤ ਸਿੰਘ (11) ਵਜੋਂ ਹੋਈ ਹੈ। ਤਰਨਜੀਤ ਦੇ ਪਿਤਾ ਨੇ ਦੱਸਿਆ ਕਿ ਉਹ ਮੰਗਲਵਾਰ ਸਵੇਰੇ ਗਿੱਲ ਨਹਿਰ ਵਿੱਚ ਨ੍ਹਾਉਣ ਲਈ ਗਿਆ ਸੀ, ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਕਈ ਥਾਵਾਂ ‘ਤੇ ਖੋਜਬੀਨ ਕਰਨ ਦੇ ਬਾਵਜੂਦ ਜਦੋਂ ਕੋਈ ਸੁਰਾਗ ਨਾ ਮਿਲਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਬੁੱਧਵਾਰ ਨੂੰ ਨਹਿਰ ਵਿੱਚ ਸਰਚ ਅਭਿਆਨ ਚਲਾਇਆ ਗਿਆ ਅਤੇ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਲਾਸ਼ ਨਹਿਰ ਵਿੱਚੋਂ ਬਾਹਰ ਕੱਢੀ ਗਈ। ਫਰਵਰੀ ਵਿੱਚ ਵੱਡੀ ਭੈਣ ਦੀ ਹੋਈ ਸੀ ਮੌਤ ਇਸ ਦਰਦਨਾਕ ਘਟਨਾ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਝੰਝੋੜ ਕੇ ਰੱਖ ਦਿੱਤਾ ਹੈ। ਤਰਨਜੀਤ ਦੇ ਪਿਤਾ ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਤਰਨਜੀਤ ਆਪਣੇ ਭੈਣ-ਭਰਾਵਾਂ ਵਿੱਚ ਸਭ ਤੋਂ ਛੋਟਾ ਅਤੇ ਪਰਿਵਾਰ ਦਾ ਲਾਡਲਾ ਸੀ। ਉਹ ਹਾਲੇ ਪੜ੍ਹਾਈ ਕਰ ਰਿਹਾ ਸੀ। ਪਰਿਵਾਰ ਪਹਿਲਾਂ ਹੀ ਇੱਕ ਵੱਡੇ ਸਦਮੇ ਵਿੱਚੋਂ ਲੰਘ ਰਿਹਾ ਸੀ। ਇਸੇ ਸਾਲ ਫਰਵਰੀ ਮਹੀਨੇ ਵਿੱਚ ਤਰਨਜੀਤ ਦੀ 16 ਸਾਲਾ ਵੱਡੀ ਭੈਣ ਦੀ ਗੰਭੀਰ ਬਿਮਾਰੀ ਕਾਰਨ ਮੌਤ ਹੋ ਗਈ ਸੀ। ਹੁਣ ਪਰਿਵਾਰ ਵਿੱਚ ਹੁਣ ਕਰਨਦੀਪ (14) ਹੀ ਬਚਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਬੱਚੇ ਦੇ ਲਾਪਤਾ ਹੋਣ ਅਤੇ ਨਹਿਰ ਵਿੱਚ ਡੁੱਬਣ ਦੀ ਸੰਭਾਵਨਾ ਦੇ ਮੱਦੇਨਜ਼ਰ ਤੁਰੰਤ ਸਰਚ ਅਭਿਆਨ ਚਲਾਇਆ ਗਿਆ ਸੀ। ਕਾਫ਼ੀ ਮੁਸ਼ੱਕਤ ਤੋਂ ਬਾਅਦ ਬੁੱਧਵਾਰ ਦੇਰ ਸ਼ਾਮ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨਹਿਰ ਵਿੱਚੋਂ ਬਾਹਰ ਕੱਢੀ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਨ੍ਹਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH