
ਮੋਗਾ, 28 ਮਈ (ਹਿੰ.ਸ.)| ਮੋਗਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 9 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ, ਦੋਸ਼ੀ ਨੇ ਘਟਨਾ ਨੂੰ ਖੁਦਕੁਸ਼ੀ ਦਾ ਰੂਪ ਦੇਣ ਲਈ ਬੱਚੀ ਦੀ ਲਾਸ਼ ਨੂੰ ਲਟਕਾ ਦਿੱਤਾ। ਮਾਮਲੇ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ‘ਤੇ ਸ਼ੱਕ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਇੱਕ ਵਿਅਕਤੀ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੋਸਟਮਾਰਟਮ ਰਿਪੋਰਟ ਵਿੱਚ ਪੁਸ਼ਟੀ ਹੋਈ ਕਿ ਬੱਚੀ ਨਾਲ ਪਹਿਲਾਂ ਜਬਰ ਜਨਾਹ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਦਾ ਕਤਲ ਕਰਕੇ ਲਾਸ਼ ਨੂੰ ਲਟਕਾਇਆ ਗਿਆ ਸੀ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਵਿਰੁੱਧ ਕਤਲ, ਜਬਰ ਜਨਾਹ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਪੁਲਿਸ ਨੇ ਦੋਸ਼ੀ ਨੂੰ ਭੱਜਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਅਤੇ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਨੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH