
ਤਰਨ ਤਾਰਨ, 28 ਮਈ (ਹਿੰ.ਸ.)। ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਵੱਲੋਂ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਦੀ ਸ਼ਾਨਦਾਰ ਪ੍ਰਾਪਤੀ ਨੂੰ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨਾਲ ਸਾਂਝਾ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਿਤੀ 30 ਮਈ 2026 (ਸ਼ਨੀਵਾਰ) ਨੂੰ ਮੈਗਾ ਪੀ.ਟੀ.ਐਮ ਅਤੇ ਮਾਪਿਆਂ ਦੀ ਵਰਕਸ਼ਾਪ ਰਾਹੀਂ 'ਸਿੱਖਿਆ ਦਾ ਮਹਾਂ ਜਸ਼ਨ' ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਮੈਗਾ ਪੀ.ਟੀ.ਐਮ ਅਤੇ ਮਾਪਿਆਂ ਦੀ ਵਰਕਸ਼ਾਪ ਦਾ ਉਦੇਸ਼ ਪੰਜਾਬ ਦੀ ਸਿੱਖਿਆ ਖੇਤਰ ਵਿੱਚ ਪ੍ਰਾਪਤ ਕੀਤੀ ਗਈ ਇਸ ਇਤਿਹਾਸਕ ਸਫਲਤਾ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸਕੂਲਾਂ ਵਿੱਚ ਕੰਮ ਕਰਦੇ ਸਮੂਹ ਸਟਾਫ ਦੀ ਮਿਹਨਤ ਦੀ ਹੌਂਸਲਾ ਅਫ਼ਜ਼ਾਈ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਬੋਰਡ ਪ੍ਰੀਖਿਆਵਾਂ ਵਿੱਚ ਸਕੂਲ ਪੱਧਰ ‘ਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਕਿਸੇ ਵੀ ਵਿਸ਼ੇ ਵਿੱਚ 100 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇ.ਈ.ਈ, ਕਲੇਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਕਲੀਅਰ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਕੂਲਾਂ ਵਿੱਚ ਹੋਣ ਵਾਲੇ ਮੈਗਾ ਮਾਪੇ ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਾਮਿਲ ਹੋਣ ਅਤੇ ਬੱਚਿਆਂ ਦੀ ਬਿਹਤਰ ਸਿੱਖਿਆ ਵਿੱਚ ਆਪਣਾ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ