
ਮੋਗਾ, 28 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ‘ਤੇ ਮੋਗਾ ਵਿੱਚ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਨਵੇਂ ਵੀਡੀਓ ਨੇ ਸ਼ਹਿਰ ਵਿੱਚ ਨਸ਼ੇ ਦੀ ਗੰਭੀਰ ਹਾਲਤ ਨੂੰ ਸਾਹਮਣੇ ਲਿਆ ਦਿੱਤਾ ਹੈ। ਵੀਡੀਓ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਸੜਕ ਕਿਨਾਰੇ ਨਸ਼ੇ ਦੀ ਹਾਲਤ ਵਿੱਚ ਬੇਹੋਸ਼ ਪਏ ਦਿਖਾਈ ਦੇ ਰਹੇ ਹਨ। ਇਸ ਘਟਨਾ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਮਾਮਲਾ ਮੋਗਾ ਦੇ ਸਾਧਾ ਵਾਲਾ ਬਸਤੀ ਇਲਾਕੇ ਦੇ ਨੇੜੇ ਦਾ ਹੈ, ਜਿਸਨੂੰ ਪਹਿਲਾਂ ਹੀ ‘ਡਰੱਗ ਹਾਟਸਪਾਟ’ ਵਜੋਂ ਜਾਣਿਆ ਜਾਂਦਾ ਹੈ। ਰਾਹਗੀਰਾਂ ਨੇ ਜਦੋਂ ਦੋਵਾਂ ਨੂੰ ਇਸ ਹਾਲਤ ਵਿੱਚ ਦੇਖਿਆ ਤਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤਾ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।ਸਥਾਨਕ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਮੋਗਾ ਵਿੱਚ ਅਜਿਹੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਕੁਝ ਦਿਨ ਪਹਿਲਾਂ ਵੀ ਨਸ਼ੇ ਦੀ ਹਾਲਤ ਵਿੱਚ ਇੱਕ ਨੌਜਵਾਨ ਦਾ ਵੀਡੀਓ ਵਾਇਰਲ ਹੋਇਆ ਸੀ। ਹੁਣ ਫਿਰ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਉਣ ਨਾਲ ਮਾਪਿਆਂ ਅਤੇ ਲੋਕਾਂ ਵਿੱਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਛਾਪੇਮਾਰੀ ਤਾਂ ਕੀਤੀ ਜਾਂਦੀ ਹੈ, ਪਰ ਜਮੀਨੀ ਹਕੀਕਤ ਕੁਝ ਹੋਰ ਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਬਿਨਾਂ ਡਰ ਦੇ ਆਪਣਾ ਕਾਰੋਬਾਰ ਚਲਾ ਰਹੇ ਹਨ ਅਤੇ ਇਸਦਾ ਸਭ ਤੋਂ ਵੱਧ ਨੁਕਸਾਨ ਨੌਜਵਾਨ ਪੀੜ੍ਹੀ ਨੂੰ ਹੋ ਰਿਹਾ ਹੈ, ਜਿਸ ਨਾਲ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੋ ਰਹੇ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH