
ਬਰਨਾਲਾ, 28 ਮਈ (ਹਿੰ.ਸ.)। ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਭਲਕੇ ਹੋਣ ਜਾ ਰਹੀ ਹੈ। ਜਿਸਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਹਰਪ੍ਰੀਤ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ਜਾਂ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਰਨਾਲਾ ਲਈ ਐਸ.ਡੀ. ਕਾਲਜ ਬਰਨਾਲਾ, ਨਗਰ ਕੌਂਸਲ ਤਪਾ ਲਈ ਤਹਿਸੀਲ ਕੰਪਲੈਕਸ ਤਪਾ, ਨਗਰ ਕੌਂਸਲ ਭਦੌੜ ਲਈ ਪੀ.ਐਮ.ਸ੍ਰੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਭਦੌੜ ਅਤੇ ਨਗਰ ਕੌਂਸਲ ਧਨੌਲਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਧਨੌਲਾ ਨੂੰ ਗਿਣਤੀ ਕੇਂਦਰ ਬਣਾਇਆ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਡਰੋਨ ਕੈਮਰਿਆਂ ਦਾ ਫਾਇਦਾ ਉਠਾ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਹ ਸੁਰੱਖਿਆ ਕਦਮ ਬੇਹੱਦ ਜ਼ਰੂਰੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ