
ਅੰਮ੍ਰਿਤਸਰ, 29 ਮਈ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਵਿੱਚ ਹਾਈ-ਰਿਸਕ ਗਰਭ ਅਵਸਥਾ ਅਤੇ ਨਵਜਾਤ ਸ਼ਿਸੂ ਸੰਭਾਲ ਲਈ ਵੱਡਾ ਸਹਾਰਾ ਬਣ ਕੇ ਉਭਰੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਇਸ ਯੋਜਨਾ ਰਾਹੀਂ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸੂਆਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਬੋਝ ਦੇ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਰਾਜ ਸਿਹਤ ਏਜੰਸੀ ਦੇ ਅਧਿਕਾਰਕ ਅੰਕੜਿਆਂ ਅਨੁਸਾਰ 25 ਮਈ 2026 ਤੱਕ ਯੋਜਨਾ ਤਹਿਤ ਮਾਤਰਤਵ ਅਤੇ ਨਵਜਾਤ ਸੰਭਾਲ ਦੇ ਕੁੱਲ 7,300 ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਦਿੱਤਾ ਗਿਆ ਹੈ, ਜਿਸ ‘ਤੇ ਕਰੀਬ 7.04 ਕਰੋੜ ਰੁਪਏ ਖਰਚ ਹੋਏ ਹਨ। ਇਨ੍ਹਾਂ ਵਿੱਚੋਂ 5,300 ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਸ਼ਾਮਲ ਹਨ, ਜਿਨ੍ਹਾਂ ‘ਤੇ 6.37 ਕਰੋੜ ਰੁਪਏ ਖਰਚ ਕੀਤੇ ਗਏ।
ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਨੈਸ਼ਨਲ ਫੈਮਿਲੀ ਹੈਲਥ ਸਰਵੇ-5 ਅਨੁਸਾਰ ਦੇਸ਼ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ਼੍ਰੇਣੀ ਵਿੱਚ ਆਉਂਦੀ ਹੈ। ਸਿੱਖਿਆ ਦੀ ਘਾਟ, ਗਰੀਬੀ, ਗਰਭਾਂ ਵਿਚਕਾਰ ਘੱਟ ਅੰਤਰ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਮਾਤਾ ਅਤੇ ਬੱਚੇ ਦੋਵਾਂ ਲਈ ਜੋਖਮ ਵਧਾਉਂਦੀਆਂ ਹਨ। ਅਜਿਹੇ ਹਾਲਾਤਾਂ ਵਿੱਚ ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਯੋਜਨਾ ਹੇਠ 2,094 ਨਵਜਾਤ ਸ਼ਿਸੂਆਂ ਨੂੰ ਵੀ ਵਿਸ਼ੇਸ਼ ਇਲਾਜ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਬੇਸਿਕ ਨਿਓਨੇਟਲ ਕੇਅਰ ਤਹਿਤ 881 ਨਵਜਾਤਾਂ, ਸਪੈਸ਼ਲ ਨਿਓਨੇਟਲ ਕੇਅਰ ਤਹਿਤ 777 ਅਤੇ ਇੰਟੈਂਸਿਵ ਨਿਓਨੇਟਲ ਕੇਅਰ ਹੇਠ 207 ਨਵਜਾਤਾਂ ਦਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਗੰਭੀਰ ਹਾਲਤ ਵਾਲੇ ਕਈ ਨਵਜਾਤਾਂ ਨੂੰ ਐਡਵਾਂਸਡ ਅਤੇ ਕ੍ਰਿਟੀਕਲ ਕੇਅਰ ਸਹਾਇਤਾ ਵੀ ਮੁਹੱਈਆ ਕਰਵਾਈ ਗਈ।
ਛੀਨਾ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਪਰਿਵਾਰਾਂ ਲਈ ਮਜ਼ਬੂਤ ਸਿਹਤ ਸੁਰੱਖਿਆ ਕਵਚ ਬਣ ਰਹੀ ਹੈ ਅਤੇ ਹੁਣ ਤੱਕ ਇਸ ਤਹਿਤ ਲਗਭਗ 44.8 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH