ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ. ਮਾਹਿਲਪੁਰ ਦਾ ਦੌਰਾ, ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦੀ ਬਰੀਕੀ ਨਾਲ ਕੀਤੀ ਜਾਂਚ
ਹੁਸ਼ਿਆਰਪੁਰ, 29 ਮਈ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਮਾਹਿਲਪੁਰ ਦਾ ਅਚਾਨਕ ਦੌਰਾ ਕਰਕੇ ਹਸਪਤਾਲ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍
ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ


ਹੁਸ਼ਿਆਰਪੁਰ, 29 ਮਈ (ਹਿੰ.ਸ.)। ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਮਾਹਿਲਪੁਰ ਦਾ ਅਚਾਨਕ ਦੌਰਾ ਕਰਕੇ ਹਸਪਤਾਲ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਦੇ ਹੋਏ ਸਟਾਫ ਨੂੰ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਦੌਰੇ ਦੀ ਸ਼ੁਰੂਆਤ ਦੌਰਾਨ ਡਾ. ਮਨਦੀਪ ਕਮਲ ਵੱਲੋਂ ਲੇਬਰ ਰੂਮ ਦਾ ਨਿਰੀਖਣ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜੱਚਾ-ਬੱਚਾ ਸਿਹਤ ਸੇਵਾਵਾਂ, ਉਪਲਬਧ ਮੈਡੀਕਲ ਉਪਕਰਣਾਂ, ਦਵਾਈਆਂ ਅਤੇ ਸਫਾਈ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਮਹਿਲਾਵਾਂ ਅਤੇ ਨਵਜਨਮੇ ਬੱਚਿਆਂ ਦੀ ਦੇਖਭਾਲ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਸਮੇਂ ਐਮਰਜੈਂਸੀ ਸੇਵਾਵਾਂ ਲਈ ਪੂਰੀ ਤਿਆਰੀ ਯਕੀਨੀ ਬਣਾਈ ਜਾਵੇ।

ਇਸ ਉਪਰੰਤ ਸਿਵਲ ਸਰਜਨ ਵੱਲੋਂ ਐਮਰਜੈਂਸੀ ਸੇਵਾਵਾਂ ਅਤੇ ਮਾਈਨਰ ਓਪਰੇਸ਼ਨ ਥੀਏਟਰ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਕਿਸੇ ਵੀ ਮਰੀਜ਼ ਨੂੰ ਬਿਨਾਂ ਇਲਾਜ ਦੇ ਉਡੀਕ ਨਾ ਕਰਨੀ ਪਵੇ।

ਡਾ. ਮਨਦੀਪ ਕਮਲ ਨੇ ਹਸਪਤਾਲ ਦੀ ਲੈਬੋਰਟਰੀ ਦਾ ਵੀ ਨਿਰੀਖਣ ਕੀਤਾ ਅਤੇ ਵੱਖ-ਵੱਖ ਟੈਸਟਾਂ ਦੀ ਗੁਣਵੱਤਾ, ਸਫਾਈ ਅਤੇ ਰਿਕਾਰਡ ਮੇਨਟੇਨੈਂਸ ਦੀ ਜਾਂਚ ਕੀਤੀ। ਉਨ੍ਹਾਂ ਨੇ ਕਿਹਾ ਕਿ ਲੈਬ ਵਿੱਚ ਹੋਣ ਵਾਲੇ ਟੈਸਟ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਕੀਤੇ ਜਾਣ ਤਾਂ ਜੋ ਮਰੀਜ਼ਾਂ ਨੂੰ ਸਹੀ ਅਤੇ ਤੇਜ਼ ਰਿਪੋਰਟਾਂ ਮਿਲ ਸਕਣ।

ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ ਗਈ। ਮਰੀਜ਼ਾਂ ਤੋਂ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਅਤੇ ਸਟਾਫ ਦੇ ਵਿਵਹਾਰ ਸਬੰਧੀ ਫੀਡਬੈਕ ਹਾਸਲ ਕੀਤਾ ਗਿਆ। ਬਹੁਤ ਸਾਰੇ ਮਰੀਜ਼ਾਂ ਵੱਲੋਂ ਹਸਪਤਾਲ ਵਿੱਚ ਮਿਲ ਰਹੀਆਂ ਸੇਵਾਵਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਸਿਵਲ ਸਰਜਨ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਹਰ ਮਰੀਜ਼ ਨਾਲ ਸਹਿਯੋਗ ਅਤੇ ਨਿਮਰਤਾ ਨਾਲ ਪੇਸ਼ ਆਇਆ ਜਾਵੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

ਡਾ. ਮਨਦੀਪ ਕਮਲ ਨੇ ਹਸਪਤਾਲ ਵਿੱਚ ਸਫਾਈ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਹਸਪਤਾਲ ਦੀ ਸਫਾਈ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਅਤੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਹਸਪਤਾਲ ਦੇ ਹਰ ਵਾਰਡ, ਟਾਇਲਟ, ਕੌਰੀਡੋਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਨਿਯਮਿਤ ਸਫਾਈ ਯਕੀਨੀ ਬਣਾਈ ਜਾਵੇ ਤਾਂ ਜੋ ਇੰਫੈਕਸ਼ਨ ਦੇ ਖਤਰੇ ਨੂੰ ਘਟਾਇਆ ਜਾ ਸਕੇ।

ਉਨ੍ਹਾਂ ਨੇ ਹਸਪਤਾਲ ਵਿੱਚ ਦਵਾਈਆਂ ਦੇ ਸਟਾਕ ਦੀ ਵੀ ਜਾਂਚ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜ਼ਰੂਰੀ ਦਵਾਈਆਂ ਹਰ ਸਮੇਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਲਈ ਬਾਹਰ ਨਾ ਭੇਜਿਆ ਜਾਵੇ ਅਤੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪਹਿਲ ਹੈ।

ਮੌਸਮ ਵਿੱਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਡਾ. ਮਨਦੀਪ ਕਮਲ ਨੇ ਹੀਟ ਵੇਵ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੁਪਹਿਰ ਸਮੇਂ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ, ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਕੱਪੜੇ ਪਹਿਨਣ ਅਤੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਬਾਰੇ ਜਾਗਰੂਕ ਕੀਤਾ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਚੈਕਿੰਗ ਕੀਤੀ ਜਾਵੇ ਅਤੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜ ਟਰੇਆਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਨਿਯਮਿਤ ਸਫਾਈ ਬਹੁਤ ਜ਼ਰੂਰੀ ਹੈ ਤਾਂ ਜੋ ਡੇਂਗੂ ਮੱਛਰ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਅੰਤ ਵਿੱਚ ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande