
ਮੋਹਾਲੀ, 29 ਮਈ (ਹਿੰ.ਸ.)| ਪੰਜਾਬ ਦੀ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਕੌਮੀ ਇਨਸਾਫ਼ ਮੋਰਚੇ ਵਿੱਚ ਪੁੱਜੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਖੁੱਲ੍ਹ ਕੇ ਸਮਰਥਨ ਦਾ ਐਲਾਨ ਕੀਤਾ। ਇਸ ਦੌਰਾਨ ਉਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਜੱਥੇ ਵਿੱਚ ਵੀ ਸ਼ਾਮਿਲ ਹੋਏ ਅਤੇ ਪੁਲਿਸ ਬੈਰੀਕੇਡਾਂ ਕੋਲ ਲਗਾਏ ਗਏ ਰੋਜ਼ਾਨਾ ਧਰਨੇ ਵਿੱਚ ਬੈਠ ਕੇ ਆਪਣਾ ਸਮਰਥਨ ਜਤਾਇਆ।
ਮੋਰਚੇ ਨੂੰ ਸੰਬੋਧਨ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਰਿਹਾਅ ਨਾ ਕਰਨਾ ਉਨ੍ਹਾਂ ਦੇ ਨਾਗਰਿਕ ਅਧਿਕਾਰਾਂ ਨਾਲ ਅਨਿਆਂ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਹ ਬੰਦੀ ਸਿੰਘਾਂ ਦੀ ਰਿਹਾਈ ਦੀ ਹਮਾਇਤ ਕਰਦੇ ਹਨ ਅਤੇ ਮੋਰਚੇ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿਆਸਤ ਦਾ ਅਸਲ ਮਕਸਦ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੁੰਦਾ ਹੈ। ਇਸ ਲਈ ਸਾਰੇ ਸਿਆਸੀ ਆਗੂਆਂ ਨੂੰ ਇਸ ਮਸਲੇ ‘ਤੇ ਅੱਗੇ ਆ ਕੇ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਬਲਵਿੰਦਰ ਸਿੰਘ ਕਾਲਾ, ਬਲਜੀਤ ਸਿੰਘ ਭਾਊ, ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਬਜੀਦਪੁਰ, ਪਾਲ ਸਿੰਘ ਘੜੂੰਆਂ, ਪਰਮਜੀਤ ਸਿੰਘ ਖਾਲਸਾ, ਅਵਤਾਰ ਸਿੰਘ ਬੁੜੈਲ ਅਤੇ ਰੇਸ਼ਮ ਸਿੰਘ ਖਰੜ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH