
ਅੰਮ੍ਰਿਤਸਰ, 29 ਮਈ (ਹਿੰ.ਸ.)| ਖੇਤਰੀ ਟਰਾਂਸਪੋਰਟ ਅਫ਼ਸਰ ਅੰਮ੍ਰਿਤਸਰ ਹਿਤੇਸ਼ ਵੀਰ ਗੁਪਤਾ ਨੇ ਕਿਹਾ ਹੈ ਕਿ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸੂਬੇ ਦੇ ਸਾਰੇ ਸਕੂਲਾਂ ਅਤੇ ਟਰਾਂਸਪੋਰਟ ਆਪਰੇਟਰਾਂ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਸਕੂਲ ਪ੍ਰਬੰਧਕਾਂ, ਸਕੂਲ ਬੱਸ ਠੇਕੇਦਾਰਾਂ ਅਤੇ ਟਰਾਂਸਪੋਰਟ ਆਪਰੇਟਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲੀ ਬੱਚਿਆਂ ਨੂੰ ਲਿਜਾਣ ਵਾਲਾ ਹਰ ਵਾਹਨ ਸੇਫ਼ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਅਧੀਨ ਲਾਗੂ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਵਿਭਾਗ ਦਾ ਮਕਸਦ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਵਾਹਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਧਿਕਾਰਤ ਹੋਣ।
ਆਰ.ਟੀ.ਓ. ਗੁਪਤਾ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਕੂਲਾਂ ਨੂੰ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧ ਜਿਵੇਂ ਕਿ ਵੈਧ ਪਰਮਿਟ, ਫਿਟਨੈੱਸ ਸਰਟੀਫਿਕੇਟ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ, ਜੀਪੀਐੱਸ ਸਿਸਟਮ, ਅੱਗ ਬੁਝਾਉਣ ਵਾਲੇ ਯੰਤਰ ਅਤੇ ਫਰਸਟ ਏਡ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਸਹੂਲਤ ਦੇ ਚਲਦਿਆਂ ਆਪਣੇ ਬੱਚਿਆਂ ਨੂੰ ਗੈਰ-ਅਧਿਕਾਰਤ ਜਾਂ ਓਵਰਲੋਡ ਵਾਹਨਾਂ ਵਿੱਚ ਨਾ ਭੇਜਣ, ਕਿਉਂਕਿ ਇਸ ਨਾਲ ਬੱਚਿਆਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਟਰਾਂਸਪੋਰਟ ਪ੍ਰਬੰਧਨ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਟਰਾਂਸਪੋਰਟ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਅਤੇ ਟਰਾਂਸਪੋਰਟ ਆਪਰੇਟਰ ਆਪਣੇ ਵਾਹਨਾਂ ਵਿੱਚ ਮੌਜੂਦ ਕਮੀਆਂ ਨੂੰ ਦੂਰ ਕਰਨ ਅਤੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਵਾਹਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਤਿਆਰ ਕਰਨ।
ਆਰ.ਟੀ.ਓ. ਨੇ ਚੇਤਾਵਨੀ ਦਿੱਤੀ ਕਿ ਸਕੂਲ ਖੁੱਲ੍ਹਣ ਤੋਂ ਬਾਅਦ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੈਰ-ਅਨੁਕੂਲ ਸਕੂਲ ਵਾਹਨਾਂ ਦੇ ਚਲਾਨ ਕਰਨ ਦੇ ਨਾਲ-ਨਾਲ ਉਹਨਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ ਸਕੂਲੀ ਬੱਚਿਆਂ ਲਈ ਸੁਰੱਖਿਅਤ ਅਤੇ ਭਰੋਸੇਯੋਗ ਆਵਾਜਾਈ ਯਕੀਨੀ ਬਣਾਉਣ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾਣ।
ਹਿੰਦੂਸਥਾਨ ਸਮਾਚਾਰ / GURSHARAN SINGH