ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਨੇ ਲਈ ਕਰਵਟ, ਮੀਂਹ-ਹਨੇਰੀ ਅਤੇ ਗੜੇਮਾਰੀ ਦਾ ਰੈੱਡ ਅਲਰਟ ਜਾਰੀ
ਚੰਡੀਗੜ੍ਹ, 29 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਅੱਜ (29 ਮਈ) ਲਈ ਮੀਂਹ, ਤੇਜ਼ ਹਨੇਰੀ ਅਤੇ ਬਿਜਲੀ ਕੜਕਣ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 29 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਅੱਜ (29 ਮਈ) ਲਈ ਮੀਂਹ, ਤੇਜ਼ ਹਨੇਰੀ ਅਤੇ ਬਿਜਲੀ ਕੜਕਣ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਕੁਝ ਥਾਵਾਂ ‘ਤੇ ਲੂ ਚੱਲਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬੀਤੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 1 ਤੋਂ 4 ਡਿਗਰੀ ਤੱਕ ਤਾਪਮਾਨ ਘਟਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 35.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤੇਜ਼ ਹਨੇਰੀ, ਬਿਜਲੀ ਕੜਕਣ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਦੱਖਣ-ਪੱਛਮੀ ਮਾਨਸੂਨ ਦੇ ਅਰਬ ਸਾਗਰ, ਲਕਸ਼ਦੀਪ ਖੇਤਰ ਅਤੇ ਬੰਗਾਲ ਦੀ ਖਾੜੀ ਦੇ ਹੋਰ ਹਿੱਸਿਆਂ ਵਿੱਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। ਉੱਥੇ ਹੀ ਪਾਕਿਸਤਾਨ ਵੱਲ ਇੱਕ ਪੱਛਮੀ ਵਿਛੋਭ ਸਰਗਰਮ ਹੈ, ਜਿਸ ਦਾ ਅਸਰ ਉੱਤਰੀ ਭਾਰਤ ਦੇ ਮੌਸਮ ‘ਤੇ ਪੈ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਉੱਪਰ ਬਣਿਆ ਮੌਸਮੀ ਸਿਸਟਮ ਹੁਣ ਉੱਤਰ ਪ੍ਰਦੇਸ਼ ਵੱਲ ਖਿਸਕ ਗਿਆ ਹੈ। ਇਸੇ ਕਾਰਨ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਬਦਲਿਆ ਹੋਇਆ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅੱਜ ਅਤੇ 30 ਮਈ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ, ਜਦਕਿ 31 ਮਈ ਨੂੰ ਕੁਝ ਥਾਵਾਂ ‘ਤੇ ਹੀ ਮੀਂਹ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਕਮੀ ਆ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਤਾਪਮਾਨ ਮੁੜ ਵਧਣਾ ਸ਼ੁਰੂ ਹੋ ਸਕਦਾ ਹੈ। ਅੱਜ ਕੁਝ ਥਾਵਾਂ ‘ਤੇ ਲੂ ਚੱਲਣ ਦੀ ਵੀ ਸੰਭਾਵਨਾ ਹੈ।

30 ਮਈ ਨੂੰ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕਈ ਥਾਵਾਂ ‘ਤੇ ਬਿਜਲੀ ਕੜਕਣ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਬਠਿੰਡਾ ਵਿੱਚ ਵੀ ਕਈ ਥਾਵਾਂ ‘ਤੇ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 31 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 1 ਜੂਨ ਲਈ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande